ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਲੰਧਰ ਦੀ ਇਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਅਨੁਸਾਰ ਮੁਲਜ਼ਮ ਨੇ ਪਾਸਪੋਰਟ ਜਲਦੀ ਜਾਰੀ ਕਰਵਾਉਣ ਲਈ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਨਾਲ ਕਥਿਤ ਸੰਪਰਕ ਦਾ ਹਵਾਲਾ ਦਿੰਦਿਆਂ ਰਿਸ਼ਵਤ ਦੀ ਮੰਗ ਕੀਤੀ ਸੀ।ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਫਿਲੌਰ ਤਹਿਸੀਲ ਦੇ ਪਿੰਡ ਕੰਦੋਲਾ ਖੁਰਦ ਦੀ ਵਸਨੀਕ ਇੱਕ ਔਰਤ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਪਲਾਈ ਕੀਤਾ ਸੀ ਅਤੇ ਉਸ ਦੀ ਪੁਲਿਸ ਵੈਰੀਫਿਕੇਸ਼ਨ ਵੀ ਹੋ ਚੁੱਕੀ ਸੀ। ਜਦੋਂ ਉਹ ਅਸਲ ਦਸਤਾਵੇਜ਼ ਲੈ ਕੇ ਜਲੰਧਰ ਸਥਿਤ ਪਾਸਪੋਰਟ ਦਫ਼ਤਰ ਪਹੁੰਚੀ ਤਾਂ ਸਬੰਧਤ ਡੀਲੰਿਗ ਹੈਂਡ ਵੱਲੋਂ ਉਸ ਨੂੰ ਦੱਸਿਆ ਗਿਆ ਕਿ ਉਸ ਦੀ ਪੁਲਿਸ ਵੈਰੀਫਿਕੇਸ਼ਨ ਕਲੀਅਰ ਨਹੀਂ ਹੋਈ ਹੈ।ਬੁਲਾਰੇ ਅਨੁਸਾਰ ਦਫ਼ਤਰ ਤੋਂ ਬਾਹਰ ਆ ਕੇ ਬੂਥ ਕੋਲ ਨਿੱਜੀ ਪਾਸਪੋਰਟ ਏਜੰਟ ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾ। ਦੋਵਾਂ ਨੇ ਕਥਿਤ ਤੌਰ ‘ਤੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਪਾਸਪੋਰਟ ਜਲਦੀ ਜਾਰੀ ਕਰਵਾਉਣ ਲਈ 35,000 ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਕੋਲ ਪਹੁੰਚ ਕੀਤੀ।ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਕਾਰਵਾਈ ਦੌਰਾਨ ਹਰਦੀਪ ਕੌਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮਾਮਲੇ ਵਿੱਚ ਨਾਮਜ਼ਦ ਦੂਜਾ ਮੁਲਜ਼ਮ ਨਰਿੰਦਰਪਾਲ ਸਿੰਘ ਉਰਫ਼ ਐਨ.ਪੀ. ਸਿੰਘ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ।
SikhDiary