LPU ਜਬਰ-ਜ਼ਨਾਹ ਮਾਮਲਾ: SIT ਜਾਂਚ ਦਾ ਐਲਾਨ, ਧਰਨਾ ਜਾਰੀ
ਫਗਵਾੜਾ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜ਼ਨਾਹ ਦੀ ਖ਼ਬਰ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ’ਤੇ ਵੀ ਆਵਾਜਾਈ ਪ੍ਰਭਾਵਿਤ ਹੋਈ। ਮਾਮਲੇ ਨੂੰ ਲੈ ਕੇ ਪੁਲਸ ਅਤੇ ਵਿਦਿਆਰਥੀ ਨੁਮਾਇੰਦਿਆਂ ਵਿਚਕਾਰ ਗੱਲਬਾਤ ਹੋਈ।ਮੌਕੇ ’ਤੇ ਪਹੁੰਚੇ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਲਈ SIT ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ।ਡੀਐੱਮਜੀ ਸਿੰਗਲਾ ਮੁਤਾਬਕ ਵਿਦਿਆਰਥੀ ਆਗੂਆਂ ਨਾਲ ਗੱਲਬਾਤ ਕੀਤੀ ਗਈ ਹੈ। ਵਿਦਿਆਰਥੀਆਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਦੇ ਨਾਲ-ਨਾਲ ਕੁੜੀਆਂ ਦੇ ਹੋਸਟਲ ਵਿੱਚ ਮਹਿਲਾ ਸਟਾਫ ਦੀ ਤਾਇਨਾਤੀ ਸਮੇਤ ਹੋਰ ਮੰਗਾਂ ਵੀ ਰੱਖੀਆਂ ਗਈਆਂ ਹਨ।ਪੁਲਸ ਅਧਿਕਾਰੀ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਉਠਾਏ ਗਏ ਹੋਰ ਮੁੱਦਿਆਂ ’ਤੇ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਮਾਮਲੇ ਨਾਲ ਜੁੜੇ ਹਰ ਪੱਖ ਦੀ ਜਾਂਚ ਕੀਤੀ ਜਾਵੇਗੀ।ਪੁਲਸ ਮੁਤਾਬਕ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੀੜਤ ਵਿਦਿਆਰਥਣ ਦੇ ਬਿਆਨ ਵੀ ਲਏ ਗਏ ਹਨ। ਵਿਦਿਆਰਥੀਆਂ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਕਥਿਤ ਘਟਨਾ ਕੁਝ ਦਿਨ ਪਹਿਲਾਂ ਵਾਪਰੀ ਅਤੇ ਇਸ ਤੋਂ ਬਾਅਦ ਵਿਦਿਆਰਥਣ ਆਪਣੇ ਘਰ ਚਲੀ ਗਈ ਸੀ।ਇਸ ਮਾਮਲੇ ਵਿੱਚ ਪੁਲਸ ਵੱਲੋਂ ਹੁਣ ਉਪਲਬਧ ਜਾਣਕਾਰੀ, ਬਿਆਨਾਂ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ।ਕਥਿਤ ਘਟਨਾ ਨਾਲ ਸਬੰਧਤ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਣ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਤਣਾਅ ਵਧਿਆ ਅਤੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ। ਤਾਜ਼ਾ ਰਿਪੋਰਟਾਂ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੁਝ ਵਾਇਰਲ ਦਾਅਵਿਆਂ ਨੂੰ ਅਪੁਸ਼ਟ ਅਤੇ ਗਲਤ ਦੱਸਿਆ ਹੈ, ਜਦਕਿ ਪੁਲਸ ਨੇ ਮਾਮਲੇ ਵਿੱਚ FIR ਦਰਜ ਕਰਕੇ ਜਾਂਚ ਅੱਗੇ ਵਧਾਈ ਹੈ।ਹੁਣ SIT ਜਾਂਚ ਰਾਹੀਂ ਘਟਨਾ ਨਾਲ ਜੁੜੇ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾਣੀ ਹੈ। ਪੁਲਸ ਵੱਲੋਂ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਸਹੀ ਤਸਵੀਰ ਸਪੱਸ਼ਟ ਹੋਵੇਗੀ।
SikhDiary