ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਪਟਿਆਲਾ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ
ਪਟਿਆਲਾ , ਅਮਰਜੀਤ ਸਿੰਘ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਵੱਲੋਂ ਅੱਜ ਬੰਦੀ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨਾਲ ਪਟਿਆਲਾ ਜੇਲ੍ਹ (Patiala Central Jail) ‘ਚ ਪਹੁੰਚ ਕੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।ਭਾਈ ਰਾਜੋਆਣਾ ਨਾਲ ਮੁਲਾਕਾਤ ਉਪਰੰਤ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਚੜ੍ਹਦੀ ਕਲਾ ਵਿੱਚ ਹਨ ਅਤੇ ਉਨ੍ਹਾਂ ਦੀ ਰਿਹਾਈ ਦੇ ਫ਼ੈਸਲੇ ਸਬੰਧੀ 11 ਮੈਂਬਰੀ ਕਮੇਟੀ ਮੁੜ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰੇਗੀ ਅਤੇ ਮਸਲੇ ਨੂੰ ਹੱਲ ਕਰਵਾਉਣ ਦਾ ਯਤਨ ਕਰੇਗੀ। ਜਥੇਦਾਰ ਸਾਹਿਬ ਨੇ ਨਾਲ ਹੀ ਕਿਹਾ ਕਿ ਜੋ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੋ ਅਕਤੂਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ ਵਿੱਚ ਨਗਰ ਕੀਰਤਨ ਕੱਢ ਰਹੇ ਹਨ ਤਾਂ ਉਸਦੇ ਸੰਬੰਧ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਨ ਸਹਿਯੋਗ ਦਵੇਗੀ।ਇਸ ਮੌਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਫ਼ੈਸਲਾ ਹੈ, ਉਸ ਨੂੰ ਕੇਂਦਰ ਸਰਕਾਰ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਤਾਂ ਜੋ ਇਸ ਦਾ ਫ਼ੈਸਲਾ ਤੁਰੰਤ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਲਟਕਦਾ ਆ ਰਿਹਾ ਹੈ, ਜੋ ਕਿ ਕੇਂਦਰ ਸਰਕਾਰ ਸਰਾਸਰ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਦਾ ਦੀ ਅੱਖ ਦਾ ਅਪ੍ਰੇਸ਼ਨ ਹੋਇਆ ਹੈ, ਜਿਸ ਤੋਂ ਬਾਅਦ ਹੁਣ ਮੁੜ ਉਨ੍ਹਾਂ ਦਾ ਚੈਕਅਪ ਕਰਵਾਇਆ ਜਾਵੇਗਾ।
SikhDiary