ਬਰਖ਼ਾਸਤ AIG ਰਾਜਜੀਤ ਹੁੰਦਲ ਦਾ ਵਧਿਆ ਪੁਲਿਸ ਰਿਮਾਂਡ
ਮੁਹਾਲੀ: ਪੰਜਾਬ ਪੁਲਿਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਨੂੰ 5 ਦਿਨਾਂ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਰੱਖੀਆਂ ਗਈਆਂ ਦਲੀਲਾਂ ’ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਰਾਜਜੀਤ ਸਿੰਘ ਦਾ ਰਿਮਾਂਡ ਹੋਰ 3 ਦਿਨ ਲਈ ਵਧਾ ਦਿੱਤਾ। ਹੁਣ ਉਹ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਦੀ ਹਿਰਾਸਤ ਵਿੱਚ ਰਹਿਣਗੇ।ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ANTF ਦੀ ਟੀਮ ਨੇ ਰਾਜਜੀਤ ਸਿੰਘ ਹੁੰਦਲ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ।ਰਾਜਜੀਤ ਸਿੰਘ ਹੁੰਦਲ ’ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲ ਕੇ ਕਥਿਤ ਤੌਰ ’ਤੇ ਡਰੱਗ ਸਮੱਗਲਿੰਗ ਦਾ ਸਿੰਡੀਕੇਟ ਚਲਾਉਣ ਅਤੇ ਸਮੱਗਲਰਾਂ ਨੂੰ ਕਥਿਤ ਸਰਪ੍ਰਸਤੀ ਦੇਣ ਦੇ ਦੋਸ਼ ਹਨ। ਇਸ ਤੋਂ ਇਲਾਵਾ ਡਰੱਗ ਤਸਕਰੀ ਤੋਂ ਪ੍ਰਾਪਤ ਪੈਸਿਆਂ ਰਾਹੀਂ ਕਰੋੜਾਂ ਰੁਪਏ ਦੀ ਬੇਨਾਮੀ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਜਾਂਚ ਏਜੰਸੀ ਵੱਲੋਂ ਰਾਜਜੀਤ ਸਿੰਘ ਹੁੰਦਲ ਅਤੇ ਉਨ੍ਹਾਂ ਦੇ ਕਰੀਬੀ ਸਾਥੀਆਂ ਨਾਲ ਸਬੰਧਤ ਜਾਇਦਾਦਾਂ ਅਤੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ANTF ਵੱਲੋਂ ਰਿਮਾਂਡ ਦੌਰਾਨ ਡਰੱਗ ਟ੍ਰੈਫਿਕਿੰਗ ਅਤੇ ਕਥਿਤ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਨਾਲ ਜੁੜੇ ਮਾਮਲਿਆਂ ਸਬੰਧੀ ਪੁੱਛਗਿੱਛ ਜਾਰੀ ਰਹਿਣ ਦੀ ਗੱਲ ਕਹੀ ਗਈ ਹੈ। ਅਗਲੇ 3 ਦਿਨਾਂ ਦੇ ਰਿਮਾਂਡ ਦੌਰਾਨ ਜਾਂਚ ਟੀਮ ਵੱਲੋਂ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਲਿਆਉਣ ਲਈ ਪੁੱਛਗਿੱਛ ਕੀਤੀ ਜਾਵੇਗੀ।
SikhDiary