ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਕਈ ਨਿੱਜੀ ਸਕੂਲਾਂ ਨੂੰ ਅੱਜ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਫਿਲਹਾਲ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ. ਰੋਡ, ਡੀ.ਏ.ਵੀ. ਇੰਟਰਨੈਸ਼ਨਲ ਸਕੂਲ, ਰਾਮ ਆਸ਼ਰਮ ਸਕੂਲ ਅਤੇ ਦਿੱਲੀ ਪਬਲਿਕ ਸਕੂਲ ਸਮੇਤ ਕੁਝ ਹੋਰ ਸਕੂਲਾਂ ਨੂੰ ਧਮਕੀ ਭਰੇ ਈਮੇਲ ਪ੍ਰਾਪਤ ਹੋਏ ਹਨ।ਇਸ ਮਾਮਲੇ ਸਬੰਧੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੂੰ ਵੀ ਧਮਕੀ ਵਾਲਾ ਈਮੇਲ ਮਿਲਿਆ ਹੈ। ਸਥਿਤੀ ਨੂੰ ਦੇਖਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਪੁਲਸ ਅਤੇ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਧਮਕੀਆਂ ਦੇਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਫਿਲਹਾਲ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਕੀ ਭਰੇ ਈਮੇਲਾਂ ਦੀ ਸੱਚਾਈ ਅਤੇ ਉਨ੍ਹਾਂ ਦੇ ਸਰੋਤ ਸਬੰਧੀ ਜਾਂਚ ਤੋਂ ਬਾਅਦ ਹੀ ਸਥਿਤੀ ਹੋਰ ਸਪਸ਼ਟ ਹੋਵੇਗੀ।
SikhDiary