ਮਾਵਾਂ ਧੀਆਂ ਸਤਿਕਾਰ ਯੋਜਨਾ: 36.87 ਲੱਖ ਔਰਤਾਂ ਦੇ ਖਾਤਿਆਂ ’ਚ ਆਵੇਗੀ ਦੂਜੀ ਕਿਸ਼ਤ
ਗੋਇੰਦਵਾਲ ਸਾਹਿਬ: ਪੰਜਾਬ ਸਰਕਾਰ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਲਾਭਪਾਤਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਯੋਜਨਾ ਤਹਿਤ ਔਰਤਾਂ ਨੂੰ ਵਿੱਤੀ ਸਹਾਇਤਾ ਦੀ ਦੂਜੀ ਕਿਸ਼ਤ ਜਾਰੀ ਕਰਨਗੇ।ਇਸ ਕਿਸ਼ਤ ਤਹਿਤ 36,87,677 ਔਰਤਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 1260 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਜਾਵੇਗੀ।ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 3000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 4500 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਇਹ ਰਕਮ ਤਿੰਨ ਮਹੀਨਿਆਂ ਦੀ ਸਹਾਇਤਾ ਵਜੋਂ ਦਿੱਤੀ ਜਾ ਰਹੀ ਹੈ।ਸਰਕਾਰ ਦੇ ਅੰਕੜਿਆਂ ਮੁਤਾਬਕ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 73.99 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ। ਦੂਜੀ ਕਿਸ਼ਤ ਦੀ ਰਕਮ ਜਾਰੀ ਹੋਣ ਤੋਂ ਬਾਅਦ ਸਰਕਾਰ ਵੱਲੋਂ ਇਸ ਯੋਜਨਾ ਅਧੀਨ ਕੁੱਲ 2562.33 ਕਰੋੜ ਰੁਪਏ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹੋਣਗੇ।ਇਸ ਤੋਂ ਪਹਿਲਾਂ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਯੋਜਨਾ ਦੀ ਪਹਿਲੀ ਕਿਸ਼ਤ ਦਿੱਤੀ ਜਾ ਚੁੱਕੀ ਹੈ। ਪਹਿਲੀ ਕਿਸ਼ਤ ਦੀ ਅਦਾਇਗੀ ਤੋਂ ਬਾਅਦ ਸਰਕਾਰ ਨੇ ਯੋਗ ਔਰਤਾਂ ਦੇ ਨਾਮ ਲਾਭਪਾਤਰੀ ਡੇਟਾਬੇਸ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਸੀ। ਹੁਣ ਦੂਜੀ ਕਿਸ਼ਤ ਰਾਹੀਂ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਵਿੱਤੀ ਸਹਾਇਤਾ ਮਿਲੇਗੀ।
SikhDiary