ਮੀਰਾਂਪੁਰ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਖੂਨਦਾਨ

ਦੇਵੀਗੜ੍ਹ: ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਰਧਮਾਨ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਰਹਿਨੁਮਾਈ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਇਸ ਮੌਕੇ ਯੂਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹੱਤਵਪੂਰਨ ਸਮਾਜਿਕ ਸੇਵਾ ਹੈ ਅਤੇ ਕਿਸੇ ਲੋੜਵੰਦ ਮਰੀਜ਼ ਲਈ ਇਹ ਜੀਵਨ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ।ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਦੇਣਾ ਨਹੀਂ, ਬਲਕਿ ਉਨ੍ਹਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਬਾਰੇ ਵੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਮਨੁੱਖਤਾ ਅਤੇ ਸੇਵਾ ਦੀ ਭਾਵਨਾ ਪੈਦਾ ਕਰਨਾ ਵੀ ਸਿੱਖਿਆ ਦਾ ਅਹਿਮ ਹਿੱਸਾ ਹੈ।ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਰੈੱਡ ਰਿਬਨ ਕਲੱਬ ਵੱਲੋਂ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਐੱਚਆਈਵੀ/ਏਡਜ਼ ਅਤੇ ਹੋਰ ਸਿਹਤ ਸਬੰਧੀ ਮੁੱਦਿਆਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਸੇਵਾ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।ਕੈਂਪ ਦੌਰਾਨ ਲਗਭਗ 25 ਵਿਦਿਆਰਥੀਆਂ ਨੇ ਖੂਨਦਾਨ ਕੀਤਾ। ਕਾਲਜ ਪ੍ਰਬੰਧਕਾਂ ਵੱਲੋਂ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਸਮਾਜਿਕ ਉਪਰਾਲੇ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ।ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰਾਂ ਦੇ ਨਾਲ ਡਾਇਰੀਆਂ ਅਤੇ ਪੈਨ ਵੀ ਦਿੱਤੇ ਗਏ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਮਨਪ੍ਰੀਤ ਕੌਰ ਸੋਢੀ, ਡਾ. ਤੇਜਿੰਦਰ ਪਾਲ ਸਿੰਘ ਅਤੇ ਡਾ. ਮਲਕੀਤ ਸਿੰਘ ਮਾਨ ਨੇ ਖੂਨਦਾਨੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਜਸਵੀਰ ਕੌਰ, ਡਾ. ਗਰੀਸ਼, ਰਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਗੁਰਮੀਤ ਸਿੰਘ ਅਤੇ ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਰਹੇ।