ਲਖੀਮਪੁਰ ਖੀਰੀ ਕਾਂਡ ਦੀ ਯਾਦ ’ਚ ਚੰਡੀਗੜ੍ਹ ’ਚ ਕੈਂਡਲ ਮਾਰਚ

ਚੰਡੀਗੜ੍ਹ: ਲਖੀਮਪੁਰ ਖੀਰੀ ਕਾਂਡ ਦੀ ਯਾਦ ਵਿੱਚ ਅੱਜ ਚੰਡੀਗੜ੍ਹ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਕਿਸਾਨ-ਮਜ਼ਦੂਰ ਮੋਰਚਾ ਪੰਜਾਬ-ਹਰਿਆਣਾ ਨਾਲ ਜੁੜੀਆਂ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਇਸ ਮਾਰਚ ਦੌਰਾਨ ਘਟਨਾ ਵਿੱਚ ਜਾਨ ਗੁਆਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਕੈਂਡਲ ਮਾਰਚ ਸ਼ਾਮ 6 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਤੋਂ ਸ਼ੁਰੂ ਹੋ ਕੇ ਮਟਕਾ ਚੌਂਕ ਵੱਲ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਮਾਮਲੇ ਵਿੱਚ ਨਿਆਂ ਦੀ ਮੰਗ ਵੀ ਉਠਾਈ ਜਾਵੇਗੀ।ਅੰਮ੍ਰਿਤਸਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜਥਾ ਸ਼ਨੀਵਾਰ ਸਵੇਰੇ ਬਿਆਸ ਪੁਲ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਜਥੇਬੰਦੀ ਮੁਤਾਬਕ ਇਹ ਜਥਾ ਸ਼ਾਮ ਨੂੰ ਹੋਣ ਵਾਲੇ ਕੈਂਡਲ ਮਾਰਚ ਵਿੱਚ ਸ਼ਾਮਲ ਹੋਵੇਗਾ।ਕਿਸਾਨ-ਮਜ਼ਦੂਰ ਮੋਰਚਾ ਆਗੂਆਂ ਨੇ ਮੰਗ ਕੀਤੀ ਹੈ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ ਚੱਲ ਰਹੀ ਨਿਆਂਇਕ ਪ੍ਰਕਿਰਿਆ ਨੂੰ ਜਲਦ ਪੂਰਾ ਕੀਤਾ ਜਾਵੇ ਅਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ। ਮੋਰਚੇ ਵੱਲੋਂ ਪੀੜਤ ਪਰਿਵਾਰਾਂ ਨੂੰ ਨਿਆਂ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ ਹੈ।3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਵਾਪਰੀ ਘਟਨਾ ਵਿੱਚ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਦੀ ਮੌਤ ਹੋਈ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਆਸ਼ੀਸ਼ ਮਿਸ਼ਰਾ ਸਮੇਤ ਕਈ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ ਅਤੇ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ।ਮੋਰਚੇ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨਾਲ ਹੋਏ ਸਮਝੌਤੇ ਤਹਿਤ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਜਥੇਬੰਦੀ ਮੁਤਾਬਕ 2021 ਵਿੱਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਜ਼ਖ਼ਮੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਸੀ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਕਾਂਡ ਵਿੱਚ ਜਾਨ ਗੁਆਉਣ ਵਾਲਿਆਂ ਦੀ ਯਾਦ ਨੂੰ ਸਿਰਫ਼ ਬਰਸੀ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨਾਲ ਜੁੜੇ ਮਸਲਿਆਂ ਅਤੇ ਨਿਆਂ ਦੀ ਮੰਗ ਨੂੰ ਅੱਗੇ ਵੀ ਉਠਾਇਆ ਜਾਂਦਾ ਰਹੇਗਾ।ਕੈਂਡਲ ਮਾਰਚ ਵਿੱਚ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ।