ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਸ਼ਾਨਦਾਰ ਕੰਮ ਕਰਨ ਵਾਲੇ ਪੁਲਿਸ ਅਫਸਰ ਸਨਮਾਨਿਤ

ਜਲੰਧਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ, ਫਿਲੌਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਸਨਮਾਨ ਦਿੱਤਾ।ਇਸ ਮੌਕੇ ਮੁੱਖ ਮੰਤਰੀ ਨੇ ਖ਼ਾਸ ਤੌਰ ’ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧੇ ਸੰਪਰਕ ਵਿੱਚ ਰਹਿ ਕੇ ਕੰਮ ਕਰਨ ਵਾਲੇ ਐਸਐਚਓ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਦੇ ਜਿਹੜੇ ਅਧਿਕਾਰੀ ਬਹਾਦਰੀ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ, ਉਨ੍ਹਾਂ ਦੀ ਹੌਸਲਾ-ਅਫਜ਼ਾਈ ਕਰਨਾ ਜ਼ਰੂਰੀ ਹੈ।ਸਮਾਗਮ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸੀਨੀਅਰ ਅਧਿਕਾਰੀ ਪ੍ਰਵੀਨ ਸਿਨਹਾ ਅਤੇ ਸਾਕਸ਼ੀ ਸਿਨਹਾ ਸਮੇਤ ਹੋਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਜਲੰਧਰ ਰੇਂਜ ਦੇ ਸੀਨੀਅਰ ਅਧਿਕਾਰੀਆਂ, ਐਸਐਸਪੀ ਜਲੰਧਰ ਦਿਹਾਤੀ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ।ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਗਮ ਦੇ ਆਯੋਜਨ ਨਾਲ ਜੁੜੀ ਪੂਰੀ ਟੀਮ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਹੋਏ ਪੁਲਿਸ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਆਪਣੇ ਸੰਬੋਧਨ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਸਮਾਗਮ ਦੀ ਰੂਪ-ਰੇਖਾ ਤਿਆਰ ਕਰਦੇ ਸਮੇਂ ਸਰਕਾਰ ਨੇ ਸਿਰਫ਼ ਕਾਗਜ਼ਾਂ ਵਿੱਚ ਦਰਜ ਅੰਕੜਿਆਂ ਜਾਂ ਰਿਕਵਰੀ ਦੇ ਵੇਰਵਿਆਂ ਨੂੰ ਆਧਾਰ ਬਣਾਉਣ ਦੀ ਬਜਾਏ ਉਨ੍ਹਾਂ ਅਧਿਕਾਰੀਆਂ ਨਾਲ ਸਿੱਧਾ ਸੰਪਰਕ ਕਰਨ ਦਾ ਫੈਸਲਾ ਕੀਤਾ ਜੋ ਰੋਜ਼ਾਨਾ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰਦੇ ਹਨ।ਉਨ੍ਹਾਂ ਮੁਤਾਬਕ ਐਸਐਚਓ ਅਤੇ ਡੀਐਸਪੀ ਪੱਧਰ ਦੇ ਅਧਿਕਾਰੀ ਪੁਲਿਸ ਪ੍ਰਸ਼ਾਸਨ ਦੀ ਜ਼ਮੀਨੀ ਕਾਰਗੁਜ਼ਾਰੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੇ ਕੰਮ ਅਤੇ ਚੁਣੌਤੀਆਂ ਨੂੰ ਸਿੱਧੇ ਤੌਰ ’ਤੇ ਸਮਝਣਾ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਲ ਖੜ੍ਹੀ ਹੈ ਜੋ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਇਮਾਨਦਾਰੀ ਅਤੇ ਨਿਡਰਤਾ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ।ਉਨ੍ਹਾਂ ਨੇ ਪੁਲਿਸ ਫੋਰਸ ਦਾ ਮਨੋਬਲ ਵਧਾਉਣ ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਨਾਲ ਬਾਕੀ ਫੋਰਸ ਨੂੰ ਵੀ ਆਪਣੀ ਡਿਊਟੀ ਹੋਰ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਉਤਸ਼ਾਹ ਮਿਲਦਾ ਹੈ।