ਕਿਰਪਾਨ ਤੇ ਕੜਾ ਪਹਿਨਣ ਕਾਰਨ ਪ੍ਰੀਖਿਆ ਕੇਂਦਰ ‘ਚ ਨਹੀਂ ਮਿਲੀ ਐਂਟਰੀ
ਬਰਨਾਲਾ: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਵਾਰੀ ਭਰਤੀ ਦੀ ਪ੍ਰੀਖਿਆ ਦੌਰਾਨ ਇੱਕ ਅੰਮ੍ਰਿਤਧਾਰੀ ਸਿੱਖ ਲੜਕੀ ਨੂੰ ਕਕਾਰ ਪਹਿਨੇ ਹੋਣ ਕਾਰਨ ਪ੍ਰੀਖਿਆ ਕੇਂਦਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦੀ ਨਿੰਦਾ ਕੀਤੀ ਹੈ।ਬਰਨਾਲਾ ਵਿਖੇ ਇੱਕ ਵਿਸ਼ੇਸ਼ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੇ ਗਏ ਪੰਜ ਕਕਾਰ ਹਰ ਅੰਮ੍ਰਿਤਧਾਰੀ ਸਿੱਖ ਦੇ ਜੀਵਨ ਦਾ ਅਹਿਮ ਹਿੱਸਾ ਹਨ। ਕੋਈ ਵੀ ਅੰਮ੍ਰਿਤਧਾਰੀ ਸਿੱਖ ਇਨ੍ਹਾਂ ਕਕਾਰਾਂ ਨੂੰ ਆਪਣੇ ਸਰੀਰ ਤੋਂ ਵੱਖ ਨਹੀਂ ਕਰ ਸਕਦਾ।ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਅਨੁਸਾਰ ਜੀਵਨ ਬਤੀਤ ਕਰਨ ਦੀ ਆਜ਼ਾਦੀ ਦਿੰਦਾ ਹੈ। ਇਸ ਦੇ ਬਾਵਜੂਦ ਸਿੱਖ ਬੱਚਿਆਂ ਨਾਲ ਅਜਿਹੀਆਂ ਘਟਨਾਵਾਂ ਵਾਪਰਨਾ ਬੇਹੱਦ ਦੁਖਦਾਈ ਹੈ। ਪ੍ਰੀਖਿਆਵਾਂ ਜਾਂ ਭਰਤੀ ਪ੍ਰਕਿਰਿਆ ਦੌਰਾਨ ਕਕਾਰ ਉਤਾਰਨ ਲਈ ਮਜਬੂਰ ਕਰਨਾ ਸਿੱਖਾਂ ਦੇ ਧਾਰਮਿਕ ਹੱਕਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖ ਨੌਜਵਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪੜ੍ਹਾਈ ਅਤੇ ਭਵਿੱਖ ਵੀ ਪ੍ਰਭਾਵਿਤ ਹੁੰਦਾ ਹੈ।ਉਨ੍ਹਾਂ ਹਿਮਾਚਲ ਸਰਕਾਰ ਅਤੇ ਭਰਤੀ ਬੋਰਡ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਤੁਰੰਤ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਜੇਕਰ ਕਿਸੇ ਅਧਿਕਾਰੀ ਵੱਲੋਂ ਅਣਗਹਿਲੀ ਕੀਤੀ ਗਈ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਗਿਆਨੀ ਟੇਕ ਸਿੰਘ ਨੇ ਪੀੜਤ ਲੜਕੀ ਬੀਬੀ ਰਾਜਵਿੰਦਰ ਕੌਰ ਦਾ ਪੇਪਰ ਮੁੜ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਵੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਲੜਕੀ ਨੇ ਪ੍ਰੀਖਿਆ ਲਈ ਮਿਹਨਤ ਕੀਤੀ ਸੀ, ਇਸ ਲਈ ਉਸ ਨੂੰ ਦੁਬਾਰਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਦੇਸ਼ ਦੇ ਸਾਰੇ ਪ੍ਰੀਖਿਆ ਕੇਂਦਰਾਂ ਲਈ ਸਿੱਖ ਕਕਾਰਾਂ ਦੇ ਮਾਣ-ਸਤਿਕਾਰ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
SikhDiary