ਨਵੀਂ ਵਿਆਹੀ ਜ਼ਿੰਦਗੀ ਦਾ ਦਰਦਨਾਕ ਅੰਤ

ਕਪੂਰਥਲਾ: ਕਪੂਰਥਲਾ ਦੇ ਮਹਤਾਬਗੜ੍ਹ ਇਲਾਕੇ ਵਿੱਚ ਬੀਤੀ ਰਾਤ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਕੁਝ ਹਮਲਾਵਰਾਂ ਨੇ ਘਰ ਦੇ ਬਾਹਰ ਪਟਾਕੇ ਚਲਾ ਰਹੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦਾ ਵਿਆਹ ਮਹਿਜ਼ 9 ਮਹੀਨੇ ਪਹਿਲਾਂ ਹੀ ਹੋਇਆ ਸੀ।ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਥਾਣਾ ਸਿਟੀ ਕਪੂਰਥਲਾ ਅਧੀਨ ਪੈਂਦੇ ਮੁਹੱਲਾ ਮਹਤਾਬਗੜ੍ਹ ਦੀ ਹੈ। ਬੀਤੀ ਰਾਤ ਮਨੀ ਆਪਣੇ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ। ਇਸੇ ਦੌਰਾਨ ਕੁਝ ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਵੱਲੋਂ ਚਲਾਈ ਗਈ ਗੋਲੀ ਮਨੀ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ ਸਬ-ਡਿਵੀਜ਼ਨ ਡਾ. ਸ਼ੀਤਲ ਸਿੰਘ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ ਰਣਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ।ਪੁਲਿਸ ਵੱਲੋਂ ਇਸ ਕਤਲ ਮਾਮਲੇ ਵਿੱਚ ਕਈ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ ਦੌਰਾਨ ਕੁਝ ਮੁਲਜ਼ਮਾਂ ਦੀ ਪਛਾਣ ਵੀ ਕਰ ਲਈ ਗਈ ਹੈ, ਜੋ ਮਹਤਾਬਗੜ੍ਹ ਇਲਾਕੇ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਡੀ.ਐੱਸ.ਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਵਾਰਦਾਤ ਵਿੱਚ ਸ਼ਾਮਲ ਮੁੱਖ ਮੁਲਜ਼ਮਾਂ ਸਮੇਤ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਮੁਤਾਬਕ ਕਤਲ ਲਈ ਵਰਤਿਆ ਗਿਆ ਪਿਸਤੌਲ ਗੈਰਕਾਨੂੰਨੀ ਸੀ। ਹਾਲਾਂਕਿ ਮਨੀ ਦੇ ਕਤਲ ਪਿੱਛੇ ਅਸਲ ਕਾਰਨ ਕੀ ਸੀ, ਇਸ ਬਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।