ਗੈਂਗਸਟਰ ਅਫਰੀਦੀ ਤੂਤ ਕਾਬੂ, ਅਦਾਲਤ ਨੇ ਦਿੱਤਾ 10 ਦਿਨਾਂ ਦਾ ਰਿਮਾਂਡ

ਤਰਨਤਾਰਨ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਸੰਗਠਿਤ ਅਪਰਾਧਾਂ ਖ਼ਿਲਾਫ਼ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 5 ਲੱਖ ਰੁਪਏ ਦੇ ਇਨਾਮੀ ਅਤੇ ਏ-ਕੈਟਾਗਰੀ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਤੂਤ ਨੂੰ ਅਫਰੀਕੀ ਦੇਸ਼ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਹੈ। ਪੰਜਾਬ ਪਹੁੰਚਣ ਤੋਂ ਬਾਅਦ ਉਸ ਨੂੰ ਪੱਟੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ 10 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਦਿੱਤਾ ਹੈ।ਪੁਲਿਸ ਮੁਤਾਬਕ ਗੁਰਵਿੰਦਰ ਸਿੰਘ ਅਫਰੀਦੀ ਤੂਤ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਤੂਤ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਕਤਲ, ਕਤਲ ਦੀਆਂ ਸਾਜ਼ਿਸ਼ਾਂ, ਫਿਰੌਤੀ ਮੰਗਣ, ਧਮਕੀਆਂ ਦੇਣ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ 35 ਤੋਂ ਵੱਧ ਮਾਮਲੇ ਦਰਜ ਹੋਣ ਦੀ ਜਾਣਕਾਰੀ ਹੈ।ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਦੀ AGTF ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਦੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ, ਕੇਂਦਰੀ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।‘ਆਪ੍ਰੇਸ਼ਨ ਸ਼ਾਹੀਦ’ ਤਹਿਤ ਕਰੀਬ 10 ਮਹੀਨਿਆਂ ਤੱਕ ਏਸ਼ੀਆ, ਦੱਖਣੀ ਅਮਰੀਕਾ ਅਤੇ ਅਫਰੀਕਾ ਦੇ ਵੱਖ-ਵੱਖ ਦੇਸ਼ਾਂ ਵਿੱਚ ਉਸ ਦੀ ਭਾਲ ਕੀਤੀ ਗਈ। AGTF ਦੇ ਐੱਸ.ਪੀ. ਬਿਕਰਮ ਬਰਾੜ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਦੌਰਾਨ ਉਸ ਦਾ ਇਥੋਪੀਆ ਵਿੱਚ ਟਿਕਾਣਾ ਲੱਭਿਆ ਗਿਆ ਅਤੇ ਫਿਰ ਉਸ ਨੂੰ ਭਾਰਤ ਵਾਪਸ ਲਿਆਂਦਾ ਗਿਆ।ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ, ਅਫਰੀਦੀ ਤੂਤ ਨੂੰ ਡੋਨੀ ਬੱਲ-ਪ੍ਰਭ ਦਾਸੂਵਾਲ ਗਿਰੋਹ ਦੇ ਮੁੱਖ ਸਰਗਨਿਆਂ ਵਿੱਚੋਂ ਇੱਕ ਦੱਸਿਆ ਜਾ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਹ ਵਿਦੇਸ਼ ਵਿੱਚ ਰਹਿ ਕੇ ਪੰਜਾਬ ਵਿੱਚ ਆਪਣੇ ਸਾਥੀਆਂ ਰਾਹੀਂ ਕਥਿਤ ਤੌਰ ‘ਤੇ ਟਾਰਗੇਟ ਕਿਲਿੰਗ, ਫਿਰੌਤੀ ਮੰਗਣ ਅਤੇ ਫਿਰੌਤੀ ਨਾ ਦੇਣ ਵਾਲਿਆਂ ਦੇ ਘਰਾਂ ਤੇ ਕਾਰੋਬਾਰੀ ਅਦਾਰਿਆਂ ‘ਤੇ ਗੋਲੀਆਂ ਚਲਵਾਉਣ ਵਰਗੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿਵਾਉਂਦਾ ਸੀ।ਸਾਲ 2024 ਦੀਆਂ ਪੰਚਾਇਤੀ ਚੋਣਾਂ ਦੌਰਾਨ ਪੱਟੀ ਨੇੜੇ ਚੁੰਗੀ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਆਪਣੇ ਸਾਥੀਆਂ ਨਾਲ ਪੱਟੀ ਤੋਂ ਪਿੰਡ ਵਾਪਸ ਜਾ ਰਿਹਾ ਸੀ।ਇਸ ਕਤਲ ਤੋਂ ਬਾਅਦ ਗੁਰਵਿੰਦਰ ਸਿੰਘ ਅਫਰੀਦੀ ਤੂਤ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਥਿਤ ਤੌਰ ‘ਤੇ ਵਾਰਦਾਤ ਦੀ ਜ਼ਿੰਮੇਵਾਰੀ ਲਈ ਗਈ ਸੀ। ਇਸ ਮਾਮਲੇ ਵਿੱਚ ਵੀ ਉਸ ਦਾ ਨਾਮ ਪੁਲਿਸ ਵੱਲੋਂ ਦਰਜ ਕੇਸ ਵਿੱਚ ਸ਼ਾਮਲ ਕੀਤਾ ਗਿਆ ਸੀ।ਪੁਲਿਸ ਸੂਤਰਾਂ ਅਨੁਸਾਰ, ਮੁਲਜ਼ਮ ਦੇ ਕਬਜ਼ੇ ਵਿੱਚੋਂ ਮਿਲੇ ਮੋਬਾਈਲ ਫੋਨ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਫਿਰੌਤੀ ਦੇ ਮਾਮਲਿਆਂ ਨਾਲ ਜੁੜੇ ਸੰਪਰਕਾਂ ਅਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਜਾਣਕਾਰੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ।10 ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਉਸ ਦੇ ਪੰਜਾਬ ਵਿੱਚ ਸਰਗਰਮ ਸਾਥੀਆਂ, ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਸੰਪਰਕਾਂ, ਫਿਰੌਤੀ ਦੀ ਰਕਮ ਅਤੇ ਕਥਿਤ ਕਤਲ ਦੀਆਂ ਸਾਜ਼ਿਸ਼ਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।ਇਸ ਸਬੰਧੀ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ AGTF ਅਤੇ ਤਰਨਤਾਰਨ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।