ਬਠਿੰਡਾ ‘ਚ ਦੋ ਪਰਿਵਾਰਾਂ ਵਿਚਾਲੇ ਟਕਰਾਅ ਤੋਂ ਬਾਅਦ ਵੱਡਾ ਹਾਦਸਾ

ਬਠਿੰਡਾ: ਬਠਿੰਡਾ ਦੇ ਬੀੜ ਤਲਾਬ ਇਲਾਕੇ ਵਿੱਚ ਦੀਵਾਲੀ ਦੀ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜੀਜੇ ਅਤੇ ਸਾਲਿਆਂ ਵਿਚਾਲੇ ਤਣਾਅ ਤੋਂ ਬਾਅਦ ਦੋ ਤੇਜ਼ ਰਫ਼ਤਾਰ ਵਾਹਨਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ 25 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 7 ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ।ਮਿਲੀ ਜਾਣਕਾਰੀ ਅਨੁਸਾਰ, ਡੱਬਵਾਲੀ ਦੇ ਪਿੰਡ ਲੱਖਾਖਾਨਾ ਦੇ ਰਹਿਣ ਵਾਲੇ ਸੋਨੂੰ ਸਿੰਘ ਅਤੇ ਸੰਦੀਪ ਸਿੰਘ ਦੀ ਭੈਣ ਦਾ ਵਿਆਹ ਬਠਿੰਡਾ ਦੇ ਬੀੜ ਤਲਾਬ ਇਲਾਕੇ ਵਿੱਚ ਰਹਿੰਦੇ ਗੁਰਸੇਵਕ ਸਿੰਘ ਨਾਲ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 15 ਦਿਨ ਪਹਿਲਾਂ ਇੱਕ ਪਾਰਟੀ ਦੌਰਾਨ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਕਾਰਨ ਰੰਜਿਸ਼ ਚੱਲ ਰਹੀ ਸੀ।ਦੀਵਾਲੀ ਵਾਲੀ ਰਾਤ ਸੋਨੂੰ ਸਿੰਘ ਆਪਣੇ ਭਰਾ ਸੰਦੀਪ ਸਿੰਘ ਅਤੇ ਦੋਸਤ ਯਾਦਵੀਰ ਸਿੰਘ ਨਾਲ ਜੀਪ ਵਿੱਚ ਗੁਰਸੇਵਕ ਸਿੰਘ ਦੇ ਘਰ ਦੇ ਬਾਹਰ ਪਹੁੰਚਿਆ। ਉੱਥੇ ਹੰਗਾਮਾ ਕਰਨ ਤੋਂ ਬਾਅਦ ਉਹ ਜੀਪ ਲੈ ਕੇ ਡੱਬਵਾਲੀ ਵੱਲ ਰਵਾਨਾ ਹੋ ਗਏ।ਇਸ ਦੌਰਾਨ ਗੁਰਸੇਵਕ ਸਿੰਘ ਆਪਣੇ ਚਚੇਰੇ ਭਰਾਵਾਂ ਨਾਲ ਸਕਾਰਪੀਓ ਗੱਡੀ ਵਿੱਚ ਉਨ੍ਹਾਂ ਦੇ ਪਿੱਛੇ ਨਿਕਲ ਪਿਆ। ਜਦੋਂ ਦੋਵੇਂ ਵਾਹਨ ਨਰੂਆਣਾ ਰੋਡ ‘ਤੇ ਪਹੁੰਚੇ ਤਾਂ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਸੜਕ ‘ਤੇ ਹੀ ਪਲਟ ਗਏ।ਹਾਦਸੇ ਦੌਰਾਨ ਸਕਾਰਪੀਓ ਦੀ ਪਿਛਲੀ ਸੀਟ ‘ਤੇ ਬੈਠੇ 25 ਸਾਲਾ ਸੋਨੂੰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 7 ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਬਠਿੰਡਾ ਲਿਜਾਇਆ ਗਿਆ, ਪਰ ਬਾਅਦ ਵਿੱਚ ਉਨ੍ਹਾਂ ਨੂੰ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।ਮਾਮਲੇ ਸਬੰਧੀ ਡੀਐੱਸਪੀ ਦਿਹਾਤੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਬਠਿੰਡਾ ਦੀ ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।