ਪੰਜਾਬ ‘ਚ ਬਦਲੇਗਾ ਮੌਸਮ, 12 ਤੋਂ 15 ਨਵੰਬਰ ਤੱਕ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: ਉੱਤਰ ਭਾਰਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦੇ ਸਰਗਰਮ ਹੋਣ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਬਦਲਾਅ ਨਾਲ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਠੰਢ ਵਧ ਸਕਦੀ ਹੈ।ਮੌਸਮ ਸਬੰਧੀ ਮਿਲੀ ਜਾਣਕਾਰੀ ਮੁਤਾਬਕ 10 ਨਵੰਬਰ ਦੀ ਰਾਤ ਤੋਂ ਹਿਮਾਲਿਆਈ ਖੇਤਰਾਂ ਵਿੱਚ ਨਵੀਂ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਸ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਣ ਦਾ ਅਨੁਮਾਨ ਹੈ।ਮੌਸਮ ਦੇ ਇਸ ਬਦਲਾਅ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਪੈ ਸਕਦਾ ਹੈ। ਅਨੁਮਾਨ ਮੁਤਾਬਕ ਪੰਜਾਬ ਵਿੱਚ 12 ਤੋਂ 15 ਨਵੰਬਰ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੀ ਮੌਸਮ ਬਦਲ ਸਕਦਾ ਹੈ।ਸਵੇਰ ਅਤੇ ਰਾਤ ਦੇ ਸਮੇਂ ਧੁੰਦ ਤੇ ਕੋਹਰਾ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸ ਕਾਰਨ ਸੜਕਾਂ ‘ਤੇ ਵਾਹਨ ਚਲਾਉਣ ਵਾਲਿਆਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਲੋੜ ਪੈ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਵੱਖ-ਵੱਖ ਉਚਾਈਆਂ ‘ਤੇ ਬਣੇ ਹਵਾਈ ਦਬਾਅ ਦੇ ਸਿਸਟਮ ਵੀ ਇਸ ਤਬਦੀਲੀ ਨੂੰ ਪ੍ਰਭਾਵਿਤ ਕਰ ਸਕਦੇ ਹਨ।ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 12 ਅਤੇ 13 ਨਵੰਬਰ ਨੂੰ ਕਈ ਥਾਵਾਂ ‘ਤੇ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 15 ਨਵੰਬਰ ਤੱਕ ਕੁਝ ਪਹਾੜੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਗੜੇ ਪੈਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਹੈ। ਹਵਾਵਾਂ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।ਪਹਾੜਾਂ ਵਿੱਚ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ਵੱਲ ਠੰਢੀਆਂ ਹਵਾਵਾਂ ਆਉਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਇਸ ਨਾਲ ਉੱਤਰ ਭਾਰਤ ਵਿੱਚ ਸਰਦੀ ਦਾ ਅਸਰ ਹੋਰ ਤੇਜ਼ ਹੋਣ ਦੀ ਉਮੀਦ ਹੈ।ਅਕਤੂਬਰ ਮਹੀਨੇ ਵਿੱਚ ਕਈ ਥਾਵਾਂ ‘ਤੇ ਚੰਗੀ ਬਾਰਿਸ਼ ਦਰਜ ਕੀਤੀ ਗਈ ਸੀ, ਜਦਕਿ ਨਵੰਬਰ ਦੇ ਸ਼ੁਰੂਆਤੀ ਦਿਨਾਂ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਿਹਾ। ਪਿਛਲੇ 24 ਘੰਟਿਆਂ ਦੌਰਾਨ ਰਾਤ ਦਾ ਤਾਪਮਾਨ ਵੀ ਆਮ ਨਾਲੋਂ ਉੱਪਰ ਦਰਜ ਕੀਤਾ ਗਿਆ।ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਅਤੇ ਆਦਮਪੁਰ ਵਿੱਚ ਘੱਟੋ-ਘੱਟ ਤਾਪਮਾਨ 11.8 ਡਿਗਰੀ ਸੈਲਸੀਅਸ ਦਰਜ ਹੋਇਆ। ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਮੀਂਹ, ਬਰਫ਼ਬਾਰੀ ਅਤੇ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।