ਮੂਸੇਵਾਲਾ ਦਾ ਗੀਤ ‘Phantom’ ਬਿਨਾਂ ਮਨਜ਼ੂਰੀ ਰਿਲੀਜ਼ ਕਰਨ ਦਾ ਦੋਸ਼, ਮਾਪੇ ਭੜਕੇ

ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਗਾਇਕ ਦੇ ਮਾਪਿਆਂ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਸਾਗਾ ਮਿਊਜ਼ਿਕ ਵੱਲੋਂ ਗੀਤ ਰਿਲੀਜ਼ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਇਹ ਗੀਤ ਉਨ੍ਹਾਂ ਦੀ ਇਜਾਜ਼ਤ ਜਾਂ ਅਧਿਕਾਰਤ ਮਨਜ਼ੂਰੀ ਤੋਂ ਬਿਨਾਂ ਰਿਲੀਜ਼ ਕੀਤਾ ਗਿਆ ਹੈ।ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਗੀਤ ਦੀ ਰਿਲੀਜ਼ ਰੋਕਣ ਅਤੇ ਮਾਮਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਬੇਨਤੀ ਕੀਤੀ ਸੀ। ਪਰਿਵਾਰ ਮੁਤਾਬਕ ਇਸ ਦੇ ਬਾਵਜੂਦ ਸਾਗਾ ਮਿਊਜ਼ਿਕ ਨੇ ਗੀਤ ਰਿਲੀਜ਼ ਕਰ ਦਿੱਤਾ।ਇਸ ਦੇ ਨਾਲ ਹੀ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਉਨ੍ਹਾਂ ਕਲਾਕਾਰਾਂ ਅਤੇ ਮਿਊਜ਼ਿਕ ਲੇਬਲਾਂ ਨੂੰ ਵੀ ਸੰਦੇਸ਼ ਦਿੱਤਾ ਹੈ, ਜੋ ਸਿੱਧੂ ਮੂਸੇਵਾਲਾ ਦੇ ਗੀਤਾਂ ਨਾਲ ਸਬੰਧਤ ਅਧਿਕਾਰ ਜਾਂ ਦਸਤਾਵੇਜ਼ ਹੋਣ ਦਾ ਦਾਅਵਾ ਕਰਦੇ ਹਨ।ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਸੰਗੀਤ ਨਾਲ ਸਬੰਧਤ ਕੋਈ ਵੀ ਐਲਾਨ ਕਰਨ ਜਾਂ ਗੀਤ ਰਿਲੀਜ਼ ਕਰਨ ਤੋਂ ਪਹਿਲਾਂ ਪਰਿਵਾਰ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਾਇਕ ਦੀਆਂ ਸੰਗੀਤਕ ਰਚਨਾਵਾਂ ਅਤੇ ਅਧਿਕਾਰਾਂ ਨਾਲ ਜੁੜੇ ਸਾਰੇ ਮਾਮਲਿਆਂ ਬਾਰੇ ਸਿੱਧੇ ਪਰਿਵਾਰ ਨਾਲ ਹੀ ਗੱਲਬਾਤ ਕੀਤੀ ਜਾਵੇ।