ਵਿਰੋਧੀਆਂ ਨੂੰ CM ਮਾਨ ਦੀ ਦੋ-ਟੁੱਕ, ਲੋਕ ਭਲਾਈ ਦੇ ਕੰਮ ਨਹੀਂ ਹੋਣਗੇ ਬੰਦ

ਗੁਰਦਾਸਪੁਰ/ਕਾਦੀਆਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਪੰਜਾਬੀਆਂ ਦੀ ਬਿਹਤਰੀ ਅਤੇ ਸੂਬੇ ਦੇ ਵਿਕਾਸ ’ਤੇ ਖ਼ਰਚ ਕੀਤਾ ਜਾਵੇਗਾ।ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੋਹਲ ਅਤੇ ਕਾਦੀਆਂ ਵਿਖੇ ਕਰਵਾਈਆਂ ਗਈਆਂ ਲੋਕ ਮਿਲਣੀਆਂ ਦੌਰਾਨ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਜਾਏ ਆਪਣੇ ਖ਼ਜ਼ਾਨੇ ਭਰਨ ਵੱਲ ਧਿਆਨ ਦਿੱਤਾ, ਜਦਕਿ ਮੌਜੂਦਾ ਸਰਕਾਰ ਮੁਫ਼ਤ ਬਿਜਲੀ, ਰੁਜ਼ਗਾਰ, ਸਿੱਖਿਆ, ਸਿਹਤ ਸਹੂਲਤਾਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਪਿੰਡ ਸੋਹਲ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸੂਬੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕ ਮਿਲਣੀਆਂ ਦਾ ਉਦੇਸ਼ ਸਿਰਫ਼ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਦੇ ਵਿਚਕਾਰ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ।ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ 71,777 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀਆਂ ਮੈਰਿਟ ਦੇ ਆਧਾਰ ’ਤੇ ਅਤੇ ਬਿਨਾਂ ਰਿਸ਼ਵਤ ਦੇ ਕੀਤੀਆਂ ਗਈਆਂ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲਣ।ਖੇਤੀਬਾੜੀ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਦਾ ਅੰਕੜਾ ਪਹਿਲਾਂ ਲਗਭਗ 22 ਫੀਸਦੀ ਸੀ, ਜੋ ਹੁਣ ਵਧ ਕੇ 85 ਤੋਂ 86 ਫੀਸਦੀ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਨੂੰ 90 ਫੀਸਦੀ ਤੱਕ ਲਿਜਾਣ ਦੇ ਟੀਚੇ ਨਾਲ ਕੰਮ ਕਰ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਮਿਲ ਸਕੇ।ਸਿੱਖਿਆ ਖੇਤਰ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਜਦੋਂ ਉਨ੍ਹਾਂ ਦੀ ਸਰਕਾਰ ਬਣੀ ਸੀ, ਉਸ ਸਮੇਂ ਪੰਜਾਬ ਸਿੱਖਿਆ ਦੇ ਮਾਮਲੇ ਵਿੱਚ 27ਵੇਂ ਸਥਾਨ ’ਤੇ ਸੀ, ਪਰ ਹੁਣ ਮੁੱਢਲੀ ਸਿੱਖਿਆ ਵਿੱਚ ਸੂਬਾ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਸਾਲ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਇਸ ਤੋਂ ਇਲਾਵਾ ਸਰਕਾਰੀ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ IIM ਵਰਗੀਆਂ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਕੂਲਜ਼ ਆਫ਼ ਐਮੀਨੈਂਸ ਰਾਹੀਂ ਵੀ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਮੌਕੇ ਦਿੱਤੇ ਜਾ ਰਹੇ ਹਨ।ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 54 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਇਸ ਯੋਜਨਾ ਲਈ ਯੋਗ ਹਨ ਅਤੇ ਬਾਕੀ ਪਰਿਵਾਰਾਂ ਨੂੰ ਵੀ ਜਲਦ ਕਾਰਡ ਬਣਵਾਉਣੇ ਚਾਹੀਦੇ ਹਨ।ਉਨ੍ਹਾਂ ਮੁਤਾਬਕ ਇਸ ਯੋਜਨਾ ਨਾਲ ਕਰੀਬ 650 ਨਿੱਜੀ ਹਸਪਤਾਲ ਜੁੜੇ ਹੋਏ ਹਨ, ਜਿੱਥੇ ਲਾਭਪਾਤਰੀ ਨਕਦ ਰਹਿਤ ਇਲਾਜ ਕਰਵਾ ਸਕਦੇ ਹਨ।ਮੁੱਖ ਮੰਤਰੀ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਧੜੇਬੰਦੀ ਅਤੇ ਲੀਡਰਸ਼ਿਪ ਦੀ ਖਿੱਚੋਤਾਣ ਵਿੱਚ ਫਸੀ ਹੋਈ ਹੈ। ਉਨ੍ਹਾਂ ਅਕਾਲੀ ਦਲ ਨੂੰ ਆਪਣੇ ਪਿਛਲੇ ਕਾਰਜਕਾਲ ਅਤੇ ਬੇਅਦਬੀ ਦੀਆਂ ਘਟਨਾਵਾਂ ਬਾਰੇ ਜਵਾਬ ਦੇਣ ਲਈ ਕਿਹਾ।ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗੱਠਜੋੜ ਬਾਰੇ ਬੋਲਦਿਆਂ ਉਨ੍ਹਾਂ ਕਿਸਾਨ ਅੰਦੋਲਨ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਕਿਸਾਨਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਸਨ ਅਤੇ ਹੁਣ ਇਨ੍ਹਾਂ ਪਾਰਟੀਆਂ ਵੱਲੋਂ ਮੁੜ ਸਿਆਸੀ ਨੇੜਤਾ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਨੌਜਵਾਨਾਂ ਨੂੰ ਸਿਵਲ ਸੇਵਾਵਾਂ ਦੀ ਤਿਆਰੀ ਲਈ ਸਹੂਲਤ ਦੇਣ ਵਾਸਤੇ ਮੁੱਖ ਮੰਤਰੀ ਨੇ ਪੰਜਾਬ ਭਰ ਵਿੱਚ UPSC ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਰਾਹੀਂ ਨੌਜਵਾਨਾਂ ਨੂੰ IAS ਅਤੇ IPS ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ।ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਮਹਿੰਗੀ ਕੋਚਿੰਗ ਲਈ ਦੂਜੇ ਸੂਬਿਆਂ ਵਿੱਚ ਜਾਣ ਦੀ ਲੋੜ ਨਹੀਂ ਪੈਣੀ ਚਾਹੀਦੀ। ਸਰਕਾਰ ਦਾ ਟੀਚਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਵਾਲਾ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਾ ਹੈ।