26 ਨਵੰਬਰ ਨੂੰ ਮੋਗਾ ਤੋਂ ‘ਆਪ’ ਫੂਕੇਗੀ 2027 ਦੀਆਂ ਚੋਣਾਂ ਦਾ ਬਿਗੁਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ 26 ਨਵੰਬਰ ਨੂੰ ਮੋਗਾ ਤੋਂ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕਰਨ ਜਾ ਰਹੀ ਹੈ। ਇਸ ਮੌਕੇ ਹੋਣ ਵਾਲੀ ਵੱਡੀ ਰੈਲੀ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕੱਠੇ ਮੰਚ ਸਾਂਝਾ ਕਰਨਗੇ।ਪਾਰਟੀ ਦੇ 14ਵੇਂ ਸਥਾਪਨਾ ਦਿਵਸ ਅਤੇ ਸੰਵਿਧਾਨ ਦਿਵਸ ਮੌਕੇ ਹੋਣ ਵਾਲੇ ਇਸ ਸਮਾਗਮ ਨੂੰ 2027 ਦੀਆਂ ਚੋਣਾਂ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਰੈਲੀ ਰਾਹੀਂ ਪਾਰਟੀ ਪੰਜਾਬ ਲਈ ਆਪਣਾ ਅਗਲੇ ਪੰਜ ਸਾਲਾਂ ਦਾ ਦ੍ਰਿਸ਼ਟੀਕੋਣ ਅਤੇ ਚੋਣ ਰਣਨੀਤੀ ਲੋਕਾਂ ਸਾਹਮਣੇ ਰੱਖ ਸਕਦੀ ਹੈ। ਇਸ ਦੌਰਾਨ ਕਈ ਵੱਡੇ ਐਲਾਨ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।ਆਮ ਆਦਮੀ ਪਾਰਟੀ ਹੁਣ ਤੱਕ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੇ ਨਾਂ ਸਾਹਮਣੇ ਲਿਆ ਚੁੱਕੀ ਹੈ। ਚਰਚਾ ਹੈ ਕਿ ਮੋਗਾ ਰੈਲੀ ਤੋਂ ਪਹਿਲਾਂ ਪਾਰਟੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਸਕਦੀ ਹੈ।ਇਸ ਲਈ 26 ਨਵੰਬਰ ਦਾ ਸਮਾਗਮ ਸਿਰਫ਼ ਸਥਾਪਨਾ ਦਿਵਸ ਦਾ ਜਸ਼ਨ ਨਹੀਂ ਹੋਵੇਗਾ, ਸਗੋਂ ਇਸ ਨੂੰ ਪੰਜਾਬ ਵਿੱਚ ਚੋਣ ਸਰਗਰਮੀਆਂ ਦੇ ਵੱਡੇ ਆਗਾਜ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਇਸ ਵਿੱਚ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦੇ ਨਾਲ ਵੱਡੀ ਗਿਣਤੀ ਵਿੱਚ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।ਇਸ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਨੂੰ ਵੀ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਵਿੱਚ ਪਾਰਟੀ ਦੀਆਂ ਸਰਗਰਮੀਆਂ ਦੀ ਜ਼ਿੰਮੇਵਾਰੀ ਮੁੱਖ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਸੀਨੀਅਰ ਆਗੂ ਸੰਭਾਲਦੇ ਰਹੇ ਹਨ।ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਮੁੱਖ ਮੰਤਰੀ ਮਾਨ ਵੱਲੋਂ ਕੀਤਾ ਗਿਆ ਹੈ। ਅਜਿਹੇ ਵਿੱਚ ਕੇਜਰੀਵਾਲ ਦਾ ਮੋਗਾ ਰੈਲੀ ਵਿੱਚ ਸ਼ਾਮਲ ਹੋਣਾ ਇਹ ਸੰਕੇਤ ਦੇ ਸਕਦਾ ਹੈ ਕਿ ਪੰਜਾਬ ਦੀਆਂ 2027 ਦੀਆਂ ਚੋਣਾਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਲਈ ਵੀ ਬੇਹੱਦ ਮਹੱਤਵਪੂਰਨ ਹਨ।ਰੈਲੀ ਦੌਰਾਨ ‘ਆਪ’ ਸਰਕਾਰ ਆਪਣੇ ਕਰੀਬ 56 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖ ਸਕਦੀ ਹੈ। ਇਸ ਦੇ ਨਾਲ ਹੀ ਚੋਣ ਰਣਨੀਤੀ ਵਿੱਚ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਖਾਸ ਤਰਜੀਹ ਦਿੱਤੇ ਜਾਣ ਦੀ ਸੰਭਾਵਨਾ ਹੈ।ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਕੋਈ ਵੱਡਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਰਕਾਰ ਵੱਲੋਂ ਹੁਣ ਤੱਕ ਕੀਤੇ ਗਏ ਯਤਨਾਂ ਨੂੰ ਵੀ ਪ੍ਰਮੁੱਖਤਾ ਨਾਲ ਪੇਸ਼ ਕੀਤਾ ਜਾ ਸਕਦਾ ਹੈ।ਚੋਣ ਮੁਹਿੰਮ ਦੌਰਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਦਾ ਦਾਇਰਾ ਵਧਾਉਣ, ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ 300 ਯੂਨਿਟ ਮੁਫ਼ਤ ਬਿਜਲੀ ਵਰਗੇ ਮੁੱਦਿਆਂ ਨੂੰ ਆਪਣੀਆਂ ਪ੍ਰਾਪਤੀਆਂ ਵਜੋਂ ਪੇਸ਼ ਕੀਤਾ ਜਾ ਸਕਦਾ ਹੈ।ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ, ਸਰਕਾਰੀ ਹਸਪਤਾਲਾਂ ਦੇ ਅਪਗ੍ਰੇਡੇਸ਼ਨ, ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੀ ਜ਼ਿਕਰ ਹੋ ਸਕਦਾ ਹੈ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਰੁਜ਼ਗਾਰ ਸਿਰਜਣਾ ਨੂੰ ਵੀ ਚੋਣ ਪ੍ਰਚਾਰ ਦਾ ਅਹਿਮ ਹਿੱਸਾ ਬਣਾਇਆ ਜਾ ਸਕਦਾ ਹੈ।ਪੰਜਾਬ ਦੀ ਸਿਆਸਤ ਵਿੱਚ ਮੋਗਾ ਦਾ ਆਪਣਾ ਖਾਸ ਮਹੱਤਵ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ 1996, 2006 ਅਤੇ 2011 ਵਿੱਚ ਆਪਣੀਆਂ ਚੋਣ ਮੁਹਿੰਮਾਂ ਦੀ ਸ਼ੁਰੂਆਤ ਮੋਗਾ ਤੋਂ ਕੀਤੀ ਸੀ। ਇਸ ਤੋਂ ਬਾਅਦ ਕ੍ਰਮਵਾਰ 1997, 2007 ਅਤੇ 2012 ਵਿੱਚ ਪਾਰਟੀ ਸੱਤਾ ਵਿੱਚ ਆਈ ਸੀ। ਇਸ ਕਾਰਨ ਮੋਗਾ ਨੂੰ ਅਕਾਲੀ ਦਲ ਲਈ ਸਿਆਸੀ ਤੌਰ ‘ਤੇ ਸ਼ੁਭ ਸਥਾਨ ਵੀ ਮੰਨਿਆ ਜਾਂਦਾ ਰਿਹਾ ਹੈ।ਆਮ ਆਦਮੀ ਪਾਰਟੀ ਵੀ ਮੋਗਾ ਵਿੱਚ ਪਹਿਲਾਂ ਵੱਡੇ ਸਿਆਸੀ ਸਮਾਗਮ ਕਰ ਚੁੱਕੀ ਹੈ। ਇਸੇ ਸਾਲ ਸਤੰਬਰ ਵਿੱਚ ਅਰਵਿੰਦ ਕੇਜਰੀਵਾਲ ਨੇ ਬਾਘਾਪੁਰਾਣਾ ਵਿੱਚ ਰੈਲੀ ਕਰਕੇ ਕਿਸਾਨਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ।ਹੁਣ 26 ਨਵੰਬਰ ਦੀ ਰੈਲੀ ਰਾਹੀਂ ‘ਆਪ’ ਇੱਕ ਵਾਰ ਫਿਰ ਮੋਗਾ ਤੋਂ ਪੰਜਾਬ ਵਿੱਚ ਚੋਣ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰੇਗੀ। ਇਸ ਰੈਲੀ ਵਿੱਚ ਹੋਣ ਵਾਲੇ ਐਲਾਨਾਂ ਅਤੇ ਪਾਰਟੀ ਵੱਲੋਂ ਪੇਸ਼ ਕੀਤੀ ਜਾਣ ਵਾਲੀ ਰਣਨੀਤੀ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਰਹੇਗੀ।