ਨਗਰ ਸੁਧਾਰ ਟਰੱਸਟ ‘ਚ ਪ੍ਰਸ਼ਾਸਨਿਕ ਫੇਰਬਦਲ, ਕਈ ਅਧਿਕਾਰੀਆਂ ਦੇ ਤਬਾਦਲੇ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਨਗਰ ਸੁਧਾਰ ਟਰੱਸਟ ਵਿੱਚ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਕਾਰਜਕਾਰੀ ਅਧਿਕਾਰੀਆਂ (ਈ.ਓ.) ਅਤੇ ਟਰੱਸਟ ਇੰਜੀਨੀਅਰਾਂ ਸਮੇਤ ਵੱਖ-ਵੱਖ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਹੁਕਮਾਂ ਦਾ ਅਸਰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਕੰਮਕਾਜ ‘ਤੇ ਵੀ ਪਵੇਗਾ।ਰਾਜੇਸ਼ ਕੁਮਾਰ ਨੂੰ ਅੰਮ੍ਰਿਤਸਰ ਦਾ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਰਾਜੇਸ਼ ਕੁਮਾਰ, ਜੋ ਪਹਿਲਾਂ ਨਗਰ ਸੁਧਾਰ ਟਰੱਸਟ ਸੰਗਰੂਰ ਵਿਖੇ ਕਾਰਜਕਾਰੀ ਅਧਿਕਾਰੀ ਵਜੋਂ ਤਾਇਨਾਤ ਸਨ, ਨੂੰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਿਖੇ ਲਗਾਇਆ ਗਿਆ ਹੈ। ਉਨ੍ਹਾਂ ਨੂੰ ਬਰਨਾਲਾ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।ਉੱਥੇ ਹੀ ਅੰਮ੍ਰਿਤਸਰ ਵਿਖੇ ਤਾਇਨਾਤ ਸੰਜੀਵ ਭਸੀਨ ਦਾ ਤਬਾਦਲਾ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਕਰ ਦਿੱਤਾ ਗਿਆ ਹੈ।ਇੰਜੀਨੀਅਰਿੰਗ ਵਿੰਗ ਵਿੱਚ ਵੀ ਮਹੱਤਵਪੂਰਨ ਫੇਰਬਦਲ ਕੀਤਾ ਗਿਆ ਹੈ। ਅਸ਼ਵਨੀ ਕੁਮਾਰ, ਜੋ ਨਗਰ ਸੁਧਾਰ ਟਰੱਸਟ ਪਟਿਆਲਾ ਵਿਖੇ ਤਾਇਨਾਤ ਸਨ ਅਤੇ ਗੁਰਦਾਸਪੁਰ ਦਾ ਵਾਧੂ ਚਾਰਜ ਸੰਭਾਲ ਰਹੇ ਸਨ, ਨੂੰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ ਵੀ ਰਹੇਗਾ।ਇਸੇ ਤਰ੍ਹਾਂ ਰਾਮ ਸਿੰਘ ਨੂੰ ਬਰਨਾਲਾ ਤੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਬਟਾਲਾ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।ਦੂਜੇ ਪਾਸੇ ਅੰਮ੍ਰਿਤਸਰ ਵਿਖੇ ਤਾਇਨਾਤ ਟਰੱਸਟ ਇੰਜੀਨੀਅਰ ਬਲਜਿੰਦਰ ਮੋਹਨ ਦਾ ਤਬਾਦਲਾ ਬਰਨਾਲਾ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਹੁਸ਼ਿਆਰਪੁਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉੱਥੇ ਹੀ ਅੰਮ੍ਰਿਤਸਰ ਵਿਖੇ ਤਾਇਨਾਤ ਅਮਨਦੀਪ ਸਿੰਘ ਨੂੰ ਜਲੰਧਰ ਭੇਜਿਆ ਗਿਆ ਹੈ। ਉਨ੍ਹਾਂ ਕੋਲ ਫਗਵਾੜਾ ਦਾ ਵਾਧੂ ਚਾਰਜ ਰਹੇਗਾ।ਇਨ੍ਹਾਂ ਤਬਾਦਲਿਆਂ ਤੋਂ ਬਾਅਦ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਿੱਚ ਕਾਰਜਕਾਰੀ ਅਧਿਕਾਰੀ ਅਤੇ ਇੰਜੀਨੀਅਰਿੰਗ ਵਿੰਗ ਦੀਆਂ ਜ਼ਿੰਮੇਵਾਰੀਆਂ ਵਿੱਚ ਬਦਲਾਅ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਨਵੀਆਂ ਨਿਯੁਕਤੀਆਂ ਤੋਂ ਬਾਅਦ ਟਰੱਸਟ ਦੇ ਰੁਕੇ ਹੋਏ ਵਿਕਾਸ ਕਾਰਜਾਂ, ਜ਼ਮੀਨਾਂ ਨਾਲ ਸਬੰਧਤ ਮਾਮਲਿਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿੰਨੀ ਤੇਜ਼ੀ ਆਉਂਦੀ ਹੈ।