ਪੰਜਾਬ ‘ਚ ਖੁੱਲ੍ਹਣਗੇ 333 ਨਵੇਂ ਪਿੰਡ ਕਲੀਨਿਕ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤਹਿਤ ਸੂਬੇ ਵਿੱਚ 333 ਨਵੇਂ ਪਿੰਡ ਕਲੀਨਿਕ ਖੋਲ੍ਹੇ ਜਾਣਗੇ। ਇਸ ਨਾਲ ਪਿੰਡ ਕਲੀਨਿਕਾਂ ਦੀ ਗਿਣਤੀ ਮੌਜੂਦਾ 258 ਤੋਂ ਵਧ ਕੇ 591 ਹੋ ਜਾਵੇਗੀ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਸਿਵਲ ਸਰਜਨਾਂ ਦੇ ਸੂਬਾ ਪੱਧਰੀ ਸੰਮੇਲਨ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸ਼ਹਿਰੀ ਇਲਾਕਿਆਂ ਵਿੱਚ 1244 ਆਮ ਆਦਮੀ ਕਲੀਨਿਕ ਵੀ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ।ਸਿਹਤ ਮੰਤਰੀ ਨੇ ਕਿਹਾ ਕਿ ਨਵੰਬਰ ਮਹੀਨੇ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ MRI ਅਤੇ CT ਸਕੈਨ ਮਸ਼ੀਨਾਂ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿੱਚ ਦਵਾਈਆਂ ਦੀ ਘਾਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਆਦਮੀ ਕਲੀਨਿਕਾਂ ਵਿੱਚ ਵੀ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਨਹੀਂ ਰਹਿਣੀ ਚਾਹੀਦੀ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 107 ਕਿਸਮਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਜਦਕਿ 47 ਤਰ੍ਹਾਂ ਦੇ ਟੈਸਟਾਂ ਦੀ ਸਹੂਲਤ ਵੀ ਉਪਲਬਧ ਹੈ।ਸੰਮੇਲਨ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਵੀ ਸਮੀਖਿਆ ਕੀਤੀ ਗਈ। ਸਿਹਤ ਮੰਤਰੀ ਨੇ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਨਸ਼ਿਆਂ ਨਾਲ ਸਬੰਧਤ ਸ਼ੱਕੀ ਮੌਤਾਂ ਦਾ ਸਖ਼ਤੀ ਨਾਲ ਆਡਿਟ ਕਰਨ ਲਈ ਵੀ ਕਿਹਾ ਗਿਆ।ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਜਲਦ ਜਾਰੀ ਕਰਨ ਦੀ ਹਦਾਇਤ ਵੀ ਕੀਤੀ।ਡਾ. ਬਲਬੀਰ ਸਿੰਘ ਨੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਸੰਵੇਦਨਸ਼ੀਲ ਅਤੇ ਸਤਿਕਾਰਯੋਗ ਵਿਹਾਰ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਰੋਗੀ ਭਲਾਈ ਕਮੇਟੀਆਂ ਦੀਆਂ ਮੀਟਿੰਗਾਂ ਨਿਯਮਤ ਤੌਰ ’ਤੇ ਕਰਵਾਉਣ ਲਈ ਵੀ ਕਿਹਾ।ਇਸ ਮੌਕੇ ਨਵਜਾਤ ਸ਼ਿਸ਼ੂ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਬੱਚਿਆਂ ਦੀ ਸਿਹਤ ਅਤੇ ਦੇਖਭਾਲ ਬਾਰੇ ਜਾਗਰੂਕਤਾ ਵੀਡੀਓ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿਹਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਗਿਆ।
SikhDiary