ਪਰਾਲੀ ਸਾੜਨ ਦੀ ਅਣਗਹਿਲੀ ਪਈ ਭਾਰੀ, ਇੱਕ ਔਰਤ ਦੀ ਮੌਤ ਤੇ 3 ਜ਼ਖ਼ਮੀ
ਦੋਰਾਹਾ: ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਲੋਕਾਂ ਦੀ ਜਾਨ ਨੂੰ ਖ਼ਤਰਾ ਬਣਨ ਦਾ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਦੋਰਾਹਾ ਦੇ ਪਿੰਡ ਜੈਪੁਰਾ ਨੇੜੇ ਖੇਤ ਵਿੱਚ ਪਰਾਲੀ ਨੂੰ ਲਾਈ ਅੱਗ ਦੇ ਧੂੰਏਂ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਦੋ ਮੋਟਰਸਾਈਕਲਾਂ ਅਤੇ ਇੱਕ ਕਾਰ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।ਚਸ਼ਮਦੀਦ ਰਮਨਦੀਪ ਸਿੰਘ ਦੇ ਦੱਸਣ ਮੁਤਾਬਕ ਸੜਕ ਦੇ ਨਾਲ ਲੱਗਦੇ ਕਿਸਾਨ ਗੁਰਦੀਪ ਸਿੰਘ ਦੇ ਖੇਤ ਵਿੱਚ ਪਰਾਲੀ ਸਾੜੀ ਜਾ ਰਹੀ ਸੀ। ਇਸ ਕਾਰਨ ਉੱਠਿਆ ਸੰਘਣਾ ਧੂੰਆਂ ਸੜਕ ‘ਤੇ ਫੈਲ ਗਿਆ ਅਤੇ ਵਾਹਨ ਚਾਲਕਾਂ ਨੂੰ ਸਾਹਮਣੇ ਤੋਂ ਆਉਂਦੇ ਵਾਹਨ ਦਿਖਾਈ ਦੇਣੇ ਬੰਦ ਹੋ ਗਏ। ਇਸੇ ਦੌਰਾਨ ਇੱਕ ਕਾਰ ਅਤੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਵਾਹਨ ਸਵਾਰ ਸਿੱਧੇ ਅੱਗ ਲੱਗੇ ਖੇਤ ਵਿੱਚ ਜਾ ਡਿੱਗੇ।ਡੀ.ਐੱਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪਿੰਡ ਸ਼ਾਹਪੁਰ ਦੀ ਰਹਿਣ ਵਾਲੀ 50 ਤੋਂ 55 ਸਾਲ ਦੀ ਮਨਜੀਤ ਕੌਰ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਪਤੀ ਨੂੰ ਵੀ ਸਰੀਰ ਦੇ ਕਈ ਹਿੱਸਿਆਂ ਵਿੱਚ ਫਰੈਕਚਰ ਆਏ ਹਨ। ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਰੈਫਰ ਕੀਤਾ ਗਿਆ ਹੈ।ਇਸ ਤੋਂ ਇਲਾਵਾ ਦੂਜੇ ਮੋਟਰਸਾਈਕਲ ‘ਤੇ ਸਵਾਰ ਪਾਇਲ ਵਾਸੀ ਜਸਪਾਲ ਸਿੰਘ ਅਤੇ ਸੁਰਿੰਦਰ ਸਿੰਘ ਵੀ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਦੋਵਾਂ ਦੀਆਂ ਲੱਤਾਂ ਅਤੇ ਬਾਹਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਇਲਾਜ ਲਈ ਸਿੱਧੂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੈਪੁਰਾ ਦੇ ਕਿਸਾਨ ਗੁਰਦੀਪ ਸਿੰਘ ਵੱਲੋਂ ਸੜਕ ਕਿਨਾਰੇ ਕਰੀਬ 2 ਤੋਂ 3 ਵਿਘੇ ਜ਼ਮੀਨ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਸੀ। ਇਸ ਅਣਗਹਿਲੀ ਕਾਰਨ ਸੜਕ ‘ਤੇ ਧੂੰਆਂ ਫੈਲਿਆ ਅਤੇ ਇਹ ਦਰਦਨਾਕ ਹਾਦਸਾ ਵਾਪਰਿਆ। ਪੁਲਿਸ ਵੱਲੋਂ ਸਬੰਧਤ ਕਿਸਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
SikhDiary