ਘਰ ਦੇ ਬਾਹਰ ਖੜ੍ਹੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਲੁਧਿਆਣਾ: ਮਹਾਨਗਰ ਵਿੱਚ ਪੁਰਾਣੀ ਰੰਜਿਸ਼ ਅਤੇ ਮਾਮੂਲੀ ਵਿਵਾਦਾਂ ਦੇ ਚੱਲਦਿਆਂ ਘਰਾਂ ਦੇ ਬਾਹਰ ਖੜ੍ਹੇ ਪਰਿਵਾਰਾਂ ’ਤੇ ਜਾਨਲੇਵਾ ਹਮਲੇ ਕਰਨ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ਵਿੱਚ ਹਮਲਾਵਰਾਂ ਨੇ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਾ ਸਿਰਫ਼ ਉਸ ਦੀ ਪੱਗ ਉਤਾਰ ਦਿੱਤੀ, ਸਗੋਂ ਉਸ ਨੂੰ ਵਾਲਾਂ ਤੋਂ ਫੜ ਕੇ ਸੜਕ ’ਤੇ ਘੜੀਸਿਆ। ਜਦੋਂ ਉਸ ਨੂੰ ਬਚਾਉਣ ਲਈ ਉਸ ਦੀ ਮਾਤਾ, ਪਤਨੀ ਅਤੇ ਮਾਮਾ ਅੱਗੇ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ਨਾਲ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇੰਨਾ ਹੀ ਨਹੀਂ, ਜਾਂਦੇ ਸਮੇਂ ਇੱਕ ਮੁਲਜ਼ਮ ਨੇ ਪੀੜਤ ਦੀ ਮਾਤਾ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਵੀ ਝਪਟ ਲਈ ਅਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਨਾਮਜ਼ਦ ਸਮੇਤ ਚਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸ਼ਿਕਾਇਤਕਰਤਾ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਗੁਰਮੇਲ ਸਿੰਘ ਅਤੇ ਗੋਲਡੀ ਨਾਲ ਉਸ ਦੀ ਕਿਸੇ ਗੱਲ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ। ਪੀੜਤ ਅਨੁਸਾਰ, ਇਸੇ ਦੌਰਾਨ ਅਮਨ ਆਪਣੇ ਇੱਕ ਅਣਪਛਾਤੇ ਸਾਥੀ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਉੱਥੇ ਆ ਗਿਆ। ਮੁਲਜ਼ਮਾਂ ਨੇ ਤੇਜ਼ ਰਫ਼ਤਾਰ ਐਕਟਿਵਾ ਉਸ ਦੀ ਮਾਤਾ ਵਿੱਚ ਮਾਰਨ ਦੀ ਕੋਸ਼ਿਸ਼ ਕੀਤੀ, ਜੋ ਉਨ੍ਹਾਂ ਦੀ ਮਾਤਾ ਦੀ ਲੱਤ ਵਿੱਚ ਜਾ ਲੱਗੀ। ਇਸ ਤੋਂ ਬਾਅਦ ਸਾਰੇ ਮੁਲਜ਼ਮਾਂ ਨੇ ਜਤਿੰਦਰ ਸਿੰਘ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਸ ਦੀ ਪੱਗ ਉਤਰ ਗਈ ਅਤੇ ਹਮਲਾਵਰਾਂ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਬੁਰੀ ਤਰ੍ਹਾਂ ਸੜਕ ’ਤੇ ਘੜੀਸਿਆ।ਸ਼ਿਕਾਇਤਕਰਤਾ ਜਤਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਬੀਤੀ 09 ਨਵੰਬਰ 2026 ਦੀ ਰਾਤ ਨੂੰ ਜਦੋਂ ਉਹ ਆਪਣੇ ਘਰ ਦੇ ਬਾਹਰ ਮੌਜੂਦ ਸੀ ਤਾਂ ਅਮਨ, ਰਾਜਾ, ਗੋਲਡੀ ਅਤੇ ਇੱਕ ਹੋਰ ਅਣਪਛਾਤਾ ਵਿਅਕਤੀ ਵੱਖ-ਵੱਖ ਵਾਹਨਾਂ ’ਤੇ ਸਵਾਰ ਹੋ ਕੇ ਉੱਥੇ ਆ ਧਮਕੇ।ਮੁਲਜ਼ਮਾਂ ਨੇ ਆਉਂਦਿਆਂ ਹੀ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਜਤਿੰਦਰ ਦੀਆਂ ਚੀਕਾਂ ਸੁਣ ਕੇ ਉਸ ਦੀ ਮਾਤਾ ਗੁਰਮੀਤ ਕੌਰ, ਪਤਨੀ ਹਰਜਿੰਦਰ ਕੌਰ ਅਤੇ ਮਾਮਾ ਪ੍ਰਿਤਪਾਲ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਉਸ ਨੂੰ ਹਮਲਾਵਰਾਂ ਤੋਂ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਗੁੱਸੇ ਵਿੱਚ ਆਏ ਮੁਲਜ਼ਮਾਂ ਨੇ ਉਨ੍ਹਾਂ ਤਿੰਨਾਂ ਨਾਲ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ।ਇਸੇ ਧੱਕਾ-ਮੁੱਕੀ ਦੌਰਾਨ ਮੁਲਜ਼ਮ ਗੋਲਡੀ ਨੇ ਪੀੜਤ ਦੀ ਮਾਤਾ ਗੁਰਮੀਤ ਕੌਰ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਝਪਟ ਲਈ। ਇਸ ਤੋਂ ਬਾਅਦ ਸਾਰੇ ਮੁਲਜ਼ਮ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।ਪੀੜਤ ਜਤਿੰਦਰ ਸਿੰਘ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਸਬੰਧਤ ਥਾਣੇ ਦੀ ਪੁਲਿਸ ਨੇ ਮੁਲਜ਼ਮਾਂ ਅਮਨ, ਗੋਲਡੀ, ਰਾਜਾ ਅਤੇ ਉਨ੍ਹਾਂ ਦੇ ਇੱਕ ਅਣਪਛਾਤੇ ਸਾਥੀ ਖ਼ਿਲਾਫ਼ ਕੁੱਟਮਾਰ, ਧਾਰਮਿਕ ਭਾਵਨਾਵਾਂ ਅਤੇ ਪੱਗ ਦੀ ਬੇਅਦਬੀ, ਚੇਨ ਝਪਟਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
SikhDiary