ਮਦਨ ਲਾਲ ਜਲਾਲਪੁਰ ਦੀ ਕਾਂਗਰਸ ’ਚ ਵਾਪਸੀ

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਤਿੰਨ ਸਾਲ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਜਲਾਲਪੁਰ ਦੀ ਪਾਰਟੀ ਵਿੱਚ ਮੁੜ ਵਾਪਸੀ ਹੋ ਗਈ ਹੈ।ਇਸ ਫ਼ੈਸਲੇ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਆਪਣੇ ਆਗੂਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਮਦਨ ਲਾਲ ਜਲਾਲਪੁਰ ਨੂੰ ਇਸ ਸਾਲ ਅਗਸਤ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਸੀਨੀਅਰ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਸੀ।ਦਰਅਸਲ, ਜੁਲਾਈ ਮਹੀਨੇ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਖ਼ਿਲਾਫ਼ ਕਥਿਤ ਟਿੱਪਣੀਆਂ ਨੂੰ ਲੈ ਕੇ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਤਿੰਨ ਸਾਲ ਦੀ ਮੁਅੱਤਲੀ ਦੀ ਕਾਰਵਾਈ ਕੀਤੀ ਸੀ।ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਤੋਂ ਬਾਅਦ ਕਾਂਗਰਸ ਦੇ ਕਈ ਸੀਨੀਅਰ ਆਗੂ ਉਨ੍ਹਾਂ ਦੇ ਸਮਰਥਨ ਵਿੱਚ ਸਾਹਮਣੇ ਆਏ ਸਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਆਗੂਆਂ ਨੇ ਪਾਰਟੀ ਹਾਈਕਮਾਂਡ ਨੂੰ ਇਹ ਕਾਰਵਾਈ ਵਾਪਸ ਲੈਣ ਦੀ ਅਪੀਲ ਕੀਤੀ ਸੀ।ਹੁਣ ਮੁਅੱਤਲੀ ਰੱਦ ਹੋਣ ਅਤੇ ਜਲਾਲਪੁਰ ਦੀ ਵਾਪਸੀ ਨਾਲ ਪਾਰਟੀ ਅੰਦਰ ਪੁਰਾਣੇ ਮਤਭੇਦ ਦੂਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਲਈ ਆਪਣੇ ਆਗੂਆਂ ਨੂੰ ਇੱਕ ਮੰਚ ’ਤੇ ਲਿਆਉਣਾ ਅਹਿਮ ਮੰਨਿਆ ਜਾ ਰਿਹਾ ਹੈ।