ਮੰਡੀ ਗੋਬਿੰਦਗੜ੍ਹ ’ਚ ਨਗਰ ਕੀਰਤਨ ਦੌਰਾਨ ਦੁਖਦਾਈ ਘਟਨਾ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੰਡੀ ਗੋਬਿੰਦਗੜ੍ਹ ਵਿੱਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਇੱਕ ਦੁਖਦਾਈ ਘਟਨਾ ਵਾਪਰ ਗਈ। ਗੁਰੂ ਮਹਾਰਾਜ ਦੀ ਪਾਲਕੀ ਸਾਹਿਬ ਦੇ ਨਾਲ ਪੈਦਲ ਚੱਲ ਰਹੀ 45 ਸਾਲਾ ਮਹਿਲਾ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸੰਗਤ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ।ਮ੍ਰਿਤਕ ਮਹਿਲਾ ਦੀ ਪਛਾਣ ਹਰਵਿੰਦਰ ਕੌਰ ਵਜੋਂ ਹੋਈ ਹੈ, ਜੋ ਹਰਗੋਬਿੰਦ ਕਲੋਨੀ, ਮੰਡੀ ਗੋਬਿੰਦਗੜ੍ਹ ਦੀ ਰਹਿਣ ਵਾਲੀ ਸੀ। ਜਾਣਕਾਰੀ ਅਨੁਸਾਰ, ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਸ਼ਾਮਲ ਹੋਈ ਸੀ। ਇਸ ਦੌਰਾਨ ਹਰਵਿੰਦਰ ਕੌਰ ਵੀ ਪਾਲਕੀ ਸਾਹਿਬ ਦੇ ਨਾਲ-ਨਾਲ ਪੈਦਲ ਚੱਲ ਰਹੀ ਸੀ।ਦੱਸਿਆ ਜਾ ਰਿਹਾ ਹੈ ਕਿ ਜਦੋਂ ਨਗਰ ਕੀਰਤਨ ਸ਼ਹਿਰ ਦੇ ਰੇਲਵੇ ਸਟੇਸ਼ਨ ਨੇੜੇ ਪਹੁੰਚਿਆ ਤਾਂ ਅਚਾਨਕ ਹਰਵਿੰਦਰ ਕੌਰ ਦੀ ਤਬੀਅਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਕੇ ਜ਼ਮੀਨ ’ਤੇ ਡਿੱਗ ਪਈ। ਉਨ੍ਹਾਂ ਨੂੰ ਡਿੱਗਦਿਆਂ ਦੇਖ ਸੰਗਤ ਵਿੱਚ ਚਿੰਤਾ ਫੈਲ ਗਈ। ਮੌਕੇ ’ਤੇ ਮੌਜੂਦ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਨੇ ਤੁਰੰਤ ਉਨ੍ਹਾਂ ਨੂੰ ਸੰਭਾਲਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ, ਪਰ ਉੱਥੇ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।ਮੁੱਢਲੀ ਜਾਣਕਾਰੀ ਮੁਤਾਬਕ ਮਹਿਲਾ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਸਬੰਧੀ ਪ੍ਰਸ਼ਾਸਨ ਜਾਂ ਹਸਪਤਾਲ ਵੱਲੋਂ ਕੋਈ ਅਧਿਕਾਰਤ ਮੈਡੀਕਲ ਪੁਸ਼ਟੀ ਸਾਹਮਣੇ ਨਹੀਂ ਆਈ ਹੈ।ਇਸ ਦੁਖਦਾਈ ਘਟਨਾ ਕਾਰਨ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਗਮਗੀਨ ਹੋ ਗਈ। ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੇ ਪਤਵੰਤੇ ਸੱਜਣਾਂ ਨੇ ਹਰਵਿੰਦਰ ਕੌਰ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।