ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਨਗਰ ਨਿਗਮ ਪਟਿਆਲਾ ਦਾ ਸ਼ਿਕੰਜਾ, 30 ਤੋਂ ਵੱਧ ਚਲਾਨ ਕੱਟੇ

ਪਟਿਆਲਾ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪਲਾਸਟਿਕ ਮੁਕਤ ਬਣਾਉਣ ਦੇ ਮਕਸਦ ਨਾਲ ਨਗਰ ਨਿਗਮ ਪਟਿਆਲਾ ਵੱਲੋਂ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ, ਖੁੱਲ੍ਹੇ ਵਿੱਚ ਕੂੜਾ ਸੁੱਟਣ ਅਤੇ ਦੁਕਾਨਾਂ ਦੇ ਬਾਹਰ ਡਸਟਬਿਨ ਨਾ ਰੱਖਣ ਵਾਲੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 30 ਤੋਂ ਵੱਧ ਚਲਾਨ ਕੱਟੇ ਗਏ।ਨਗਰ ਨਿਗਮ ਦੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੜਕਾਂ ‘ਤੇ ਅਚਨਚੇਤ ਚੈਕਿੰਗ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ ‘ਤੇ ਚਲਾਨ ਕੀਤੇ ਅਤੇ ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਸਿੰਗਲ-ਯੂਜ਼ ਪਲਾਸਟਿਕ ਜ਼ਬਤ ਕੀਤਾ।ਇਸ ਕਾਰਵਾਈ ਵਿੱਚ ਸੈਨੇਟਰੀ ਇੰਸਪੈਕਟਰ ਰਿਸ਼ਵ ਗੁਪਤਾ, ਮੋਹਿਤ ਜਿੰਦਲ, ਜਗਤਾਰ ਸਿੰਘ, ਹਰਵਿੰਦਰ ਸਿੰਘ ਅਤੇ ਰਾਜੇਸ਼ ਮੱਟੂ ਸਮੇਤ ਸੁਪਰਵਾਈਜ਼ਰ ਕੁਲਦੀਪ ਕੁਮਾਰ, ਨਰਿੰਦਰ ਕੁਮਾਰ, ਸਫ਼ਾਈ ਦਰੋਗਾ ਨਤਰ ਅਤੇ ਦਰੋਗਾ ਮਨੀ ਕੁਮਾਰ ਨੇ ਅਹਿਮ ਭੂਮਿਕਾ ਨਿਭਾਈ।ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਵਾਤਾਵਰਣ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਖੁੱਲ੍ਹੇ ਵਿੱਚ ਕੂੜਾ ਅਤੇ ਪਲਾਸਟਿਕ ਸੁੱਟਣ ਨਾਲ ਜਿੱਥੇ ਬਿਮਾਰੀਆਂ ਫੈਲਦੀਆਂ ਹਨ, ਉੱਥੇ ਹੀ ਸੀਵਰੇਜ ਜਾਮ ਹੋਣ ਅਤੇ ਅਵਾਰਾ ਪਸ਼ੂਆਂ ਦੀ ਜਾਨ ਨੂੰ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਖ਼ਤ ਮੁਹਿੰਮ ਜਾਰੀ ਰਹੇਗੀ।