ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ‘ਤੇ ਕਿਸਾਨਾਂ ਨੂੰ ਕੋਈ ਭਰੋਸਾ ਨਹੀਂ : ਚੰਦੂਮਾਜਰਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਪਰੀਮ ਕੋਰਟ ਵੱਲੋਂ ਖੇਤੀਬਾੜੀ ਕਾਨੂੰਨ ਲਾਗੂ ਕਰਨ ’ਤੇ ਪਾਬੰਦੀ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਕਰਾਰ ਦਿੱਤੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿੱਚ ਸ਼ਾਮਲ ਲੋਕਾਂ ‘ਤੇ ਭਰੋਸਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਕਮੇਟੀ ਵਿਚ ਸ਼ਾਮਲ ਸਾਰੇ ਲੋਕਾਂ ਨੇ ਖੇਤੀ ਕਾਨੂੰਨਾਂ ਬਾਰੇ ਸਰਕਾਰ ਦੇ ਹੱਕ ਵਿਚ ਗੱਲ ਕੀਤੀ ਹੈ।ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਿਨ੍ਹਾਂ ਕਾਨੂੰਨਾਂ ਦਾ ਨਾ ਸਿਰਫ ਦੇਸ਼ ਵਿਚ, ਬਲਕਿ ਪੂਰੇ ਵਿਸ਼ਵ ਵਿਚ ਵਿਰੋਧ ਹੋ ਰਿਹਾ ਹੈ, ਬਲਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਲੋਕ ਉਨ੍ਹਾਂ ਕਾਨੂੰਨਾਂ ਨੂੰ ਜਾਇਜ਼ ਠਹਿਰਾ ਰਹੇ ਹਨ। ਦੇਸ਼ ਦੇ ਕਿਸਾਨਾਂ ਨੂੰ ਅਜਿਹੀ ਕਮੇਟੀ ਤੋਂ ਨਿਆਂ ਦੀ ਕੋਈ ਉਮੀਦ ਨਹੀਂ ਹੈ, ਜੋ ਪਹਿਲਾਂ ਹੀ ਸਰਕਾਰ ਦੀ ਬੋਲੀ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਇਕਪਾਸੜ ਵਿਚਾਰਾਂ ਵਾਲੇ ਲੋਕਾਂ ਨੂੰ ਕਮੇਟੀ ਦਾ ਹਿੱਸਾ ਬਣਾਉਣਾ ਇਸ ਮਸਲੇ ਨੂੰ ਹੋਰ ਗੰਭੀਰ ਬਣਾਉਣ ਦੇ ਬਰਾਬਰ ਹੈ।