ਮਾਨਸਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਰੋਨਾ ਸਬੰਧੀ ਨਵੇਂ ਹੁਕਮ ਜਾਰੀ

ਮਾਨਸਾ :  ਪੰਜਾਬ ਸਰਕਾਰ ਤੋਂ ਪ੍ਰਾਪਤ ਨਵੇਂ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਵਿੱਚ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਸਬੰਧੀ ਹੁਕਮ ਜਾਰੀ ਕੀਤੇ ਹਨ । ਜਿਸ ਤਹਿਤ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲ੍ਹੇ ਜਾ ਸਕਣਗੇ , ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜ਼ਰ ਹੋਣ ਦੀ ਆਗਿਆ ਹੋਵੇਗੀ ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਇਆ ਹੋਵੇ।ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰ੍ਹਾਂ 2 ਅਗਸਤ, 2021 ਤੋਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਜਾਵੇਗੀ।ਹੁਕਮਾਂ ਵਿੱਚ ਕਿਹਾ ਗਿਆ ਹੈ  ਕਿ ਸਾਰੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਸ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ, ਜਿਮ , ਮਾਲਜ਼, ਅਜਾਇਬ ਘਰ, ਚਿੜੀਆਘਰ ਆਦਿ 50 ਫੀਸਦੀ ਸਮਰੱਥਾ ਅਨੁਸਾਰ ਚਲਾਏ ਜਾ ਸਕਣਗੇ ਪਰ ਹਰੇਕ ਸਟਾਫ਼ ਮੈਂਬਰ ਦੇ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ ਹੈ। ਸਾਰੇ ਸਵੀਮਿੰਗ ਪੂਲਜ਼, ਖੇਡ ਅਤੇ ਜਿਮ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਪ੍ਰਵਾਨਗੀ ਦੇਣਗੀਆਂ ਅਤੇ ਉਨ੍ਹਾਂ ਦੇ ਘੱਟੋ-ਘੱਟ ਇੱਕ ਵੈਕਸੀਨ ਦੀ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਇਨ੍ਹਾਂ ਥਾਵਾਂ ’ਤੇ ਕੋਵਿਡ-19 ਦੀਆਂ ਸਿਹਤ ਸਾਵਧਾਨੀਆਂ ਦੀ ਵਰਤੋਂ ਜ਼ਰੂਰ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕਾਲਜ, ਕੋਚਿੰਗ ਸੈਂਟਰ ਅਤੇ ਹੋਰ ਉਚੇਰੀ ਸਿੱਖਿਆ ਦੇ ਅਦਾਰਿਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਹੋਵੇਗੀ ਪਰ ਟੀਚਿੰਗ, ਗੈਰ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੈਕਸੀਨੇਸ਼ਨ ਦਾ ਸਰਟੀਫਿਕੇਟ ਜਮ੍ਹਾ ਕਰਵਾਇਆ ਜਾਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਕੋਲ ਸਕੂਲ ਵਿੱਚ ਆਉਣ ਲਈ ਉਨ੍ਹਾਂ ਦੇ ਮਾਪਿਆਂ ਦੀ ਪ੍ਰਵਾਨਗੀ ਜ਼ਰੂਰ ਹੋਣੀ ਚਾਹੀਦੀ ਹੈ ਅਤੇ ਸਕੂਲ ਵਰਚੂਅਲ ਕਲਾਸਾਂ ਵੀ ਜਾਰੀ ਰੱਖ ਸਕਦੇ ਹਨ। ਇਸ ਸਬੰਧੀ ਅੰਡਰਟੇਕਿੰਗ ਦਫ਼ਤਰ ਵਿਖੇ ਜਮਾਂ ਕਰਵਾਉਣੀ ਲਾਜ਼ਮੀ ਹੋਵੇਗੀ।ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਵਿੱਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਬੰਧਤ ਅਦਾਰਿਆਂ ਨੂੰ ਹਦਾਇਤਾਂ ਜਾਰੀ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨਿਰਧਾਰਿਤ ਸਮਾਜਿਕ ਦੂਰੀ, ਬਜ਼ਾਰਾਂ  ਅਤੇ ਪਬਲਿਕ ਟਰਾਂਸਪੋਰਟ ਵਿੱਚ ਇੱਕਠ ਨਾ ਹੋਣ ਦੇਣ ਅਤੇ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਕਰਨਾ ਯਕੀਨੀ ਬਣਾਉਣਗੇ। ਇਹ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ।