ਕੋਰੋਨਾ ਕਾਰਨ ਮਰਨ ਵਾਲਿਆਂ ਦੇ ਕਾਨੂੰਨੀ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਵੀ ਕੋਵਿਡ 19 ਮਹਾਂਮਾਰੀ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਕਾਨੂੰਨੀ ਵਾਰਸਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ। ਇਸ ਸਬੰਧ ਵਿਚ ਪੰਜਾਬ ਸਰਕਾਰ ਨੇ ਕਾਰਵਾਈ ਸ਼ੁਰੂ ਕਰਦਿਆਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਇਕ ਪੱਤਰ ਲਿਖ ਕੇ ਮੌਤਾਂ ਦੀ ਗਿਣਤੀ ਦੀ ਜਾਣਕਾਰੀ ਮੰਗੀ ਹੈ।ਮਾਲ, ਪੁਰਨਵਾਸ ਤੇ ਕੁਦਰਤੀ ਆਫ਼ਤ ਵਿਰੋਧੀ ਪ੍ਰਬੰਧ ਸਬੰਧੀ ਵਿਭਾਗ ਵਲੋਂ ਜਾਰੀ ਪੱਤਰ ਵਿਚ ਸਾਰੇ ਜ਼ਿਲ੍ਹਿਆਂ ਵਿਚੋਂ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਜਾਣਕਾਰੀ 15 ਅਕਤੂਬਰ ਤੱਕ ਮੰਗੀ ਗਈ ਹੈ। ਇਹ ਸਹਾਇਤਾ ਕੇਂਦਰ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਦਿਤੀ ਜਾਣੀ ਹੈ।ਡਿਪਟੀ ਕਮਿਸ਼ਨਰਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਜਾਣਕਾਰੀ ਦੇਣ ਲਈ ਕਿਹਾ ਗਿਆ ਤਾਂ ਜੋ ਫ਼ੰਡਾਂ ਦਾ ਪ੍ਰਬੰਧ ਹੋ ਸਕੇ। ਸੂਬੇ ਵਿਚ ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤਕ 16531 ਮੌਤਾਂ ਹੋਈਆਂ ਹਨ।