ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨੂੰ ਜਾਣਕਾਰੀ ਦੇਣ ਲਈ ਸਥਾਪਿਤ ਕੀਤਾ ਗਿਆ ਇਕ ਹੋਰ ਕੇਂਦਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ੍ਰੀ ਗੁਰੂ ਰਾਮਦਾਸ ਸਰਾਏ (Sri Guru Ramdas Sarai) ਨੇੜੇ ਇੱਕ ਹੋਰ ਜਾਂਚ ਕੇਂਦਰ ਸਥਾਪਤ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਇੱਕ ਸਹਾਇਤਾ ਕੇਂਦਰ ਚੱਲਦਾ ਸੀ। ਇਹ ਦੋਵੇਂ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਨਾਲ ਜੁੜੇ ਹੋਏ ਹਨ। ਅੱਜ ਬਣਾਏ ਗਏ ਜਾਂਚ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ।ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਤੋਂ ਆਈਆਂ ਸੰਗਤਾਂ ਨੂੰ ਇਨ੍ਹਾਂ ਕੇਂਦਰਾਂ ਰਾਹੀਂ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਅਤੇ ਇੱਥੇ ਸਥਿਤ ਧਾਰਮਿਕ ਸਥਾਨਾਂ, ਸਰਾਵਾਂ ਅਤੇ ਲੰਗਰਾਂ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇੱਥੇ ਸੰਗਤਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਸਿੱਖਾਂ ਨਾਲ ਸਬੰਧਤ ਸਾਹਿਤ ਵੀ ਉਪਲਬਧ ਕਰਵਾਇਆ ਜਾਵੇਗਾ।