ਖਰੜ ਥਾਣੇ ਦੇ ਐਸ.ਐਚ.ਓ. ਤੇ ਨੌਜਵਾਨਾਂ ਨੇ ਕੀਤਾ ਹਮਲਾ, 2 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ: ਖਰੜ ਥਾਣੇ (Kharar police station) ਦੇ ਐਸ.ਐਚ.ਓ. ਤੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਨੇ ਸ਼ਿਕਾਇਤ ਕੀਤੀ ਸੀ ਕਿ ਨੌਜਵਾਨਾਂ ਨੇ ਦੇਰ ਰਾਤ ਸ਼ਰਾਬ ਪੀਤੀ ਹੋਈ ਸੀ ਅਤੇ ਟਰੈਕਟਰ ਵਿਚ ਉੱਚੀ-ਉੱਚੀ ਗਾਣੇ ਵਜਾ ਕੇ ਹੰਗਾਮਾ ਕਰ ਰਹੇ ਸਨ। ਜਦੋਂ ਗਸ਼ਤ ਕਰ ਰਹੀ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੁਲਜ਼ਮ ਨੌਜਵਾਨਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ।ਇਸ ਮਾਮਲੇ ਵਿੱਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਵਿੱਚ ਦਰਜਨ ਦੇ ਕਰੀਬ ਮੁਲਜ਼ਮ ਸ਼ਾਮਲ ਸਨ, ਜਿਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ।