‘ਗੰਨ ਕਲਚਰ’ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ ਸਖ਼ਤ Action

ਜਲੰਧਰ : ਜਲੰਧਰ (Jalandhar) ਜ਼ਿਲ੍ਹੇ ਵਿੱਚ ‘ਗੰਨ ਕਲਚਰ’ (Gun culture) ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ 538 ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵਿਅਕਤੀਆਂ ਨੂੰ ਜਾਰੀ ਕੀਤੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ, ਜਿਸ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਇਨ੍ਹਾਂ 538 ਲਾਇਸੈਂਸਾਂ ਵਿੱਚੋਂ 362 ਲਾਇਸੈਂਸ ਨਵਿਆਉਣ ਦੀ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟਾਂ ਕਾਰਨ ਰੱਦ ਕਰ ਦਿੱਤੇ ਗਏ ਹਨ ਜਦਕਿ ਬਾਕੀ 176 ਲਾਇਸੈਂਸ ਵੱਖ-ਵੱਖ ਕਾਰਨਾਂ ਕਰਕੇ ਰੱਦ ਕਰ ਦਿੱਤੇ ਗਏ ਹਨ। ਲਾਇਸੈਂਸ ਧਾਰਕਾਂ ਦੀ ਮੌਤ ਹੋਣ ਕਾਰਨ 101 ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ, 25 ਕੇਸਾਂ ਵਿੱਚ ਲਾਇਸੈਂਸਧਾਰੀ ਦੇਸ਼ ਛੱਡ ਕੇ ਵਿਦੇਸ਼ ਵਿੱਚ ਰਹਿੰਦੇ ਹਨ, ਜਦੋਂ ਕਿ ਮੁੜ ਤਸਦੀਕ ਪ੍ਰਕਿਰਿਆ ਦੌਰਾਨ 50 ਮਾਮਲਿਆਂ ਵਿੱਚ ਪੁਲਿਸ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ।ਸ੍ਰੀ ਸਿੰਘ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਅਮਨ-ਕਾਨੂੰਨ ਨੂੰ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਆਪਣੇ ਲਾਇਸੈਂਸ ਹਥਿਆਰਾਂ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ, ਇਸ ਲਈ ਅਜਿਹਾ ਕੋਈ ਮਾਮਲਾ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 391 ਦੇ ਕਰੀਬ ਲਾਇਸੈਂਸ ਰੱਦ ਕੀਤੇ ਗਏ ਸਨ ਅਤੇ ਲਾਇਸੈਂਸਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਬੰਦੂਕ ਰੱਖਣ ਲਈ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ ਅਤੇ ਇਨ੍ਹਾਂ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।