ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ (Jathedar Giani Harpreet Singh ji) ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ।ਸਿੰਘ ਸਾਹਿਬ ਜੀ ਨੇ ਅੱਜ ਇੱਥੇ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਦੇ ਚੇਤਿਆਂ ਵਿਚ ਅਤੀਤ ਦੀਆਂ ਹਕੂਮਤਾਂ ਦੇ ਜਬਰ ਦੇ ਡੂੰਘੇ ਜ਼ਖ਼ਮ ਮੌਜੂਦ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਅਪਨਾਈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਅਣਡਿਠ ਨਹੀਂ ਕੀਤਾ ਜਾ ਸਕਦਾ ਕਿ ਸਿੱਖ ਨੌਜਵਾਨ ਮਾਨਸਿਕਤਾ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਵਿਤਕਰੇਬਾਜ਼ੀਆਂ ਤੇ ਵਧੀਕੀਆਂ ਦੇ ਖ਼ਿਲਾਫ਼ ਡਾਢਾ ਅਸੰਤੋਸ਼ ਮੌਜੂਦ ਹੈ ਪਰ ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕੇ ਦੀ ਤਾਕ ਵਿਚ ਰਹਿੰਦੀਆਂ ਹਨ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਅਪਨਾਉਣ ਦੀ ਬਜਾਇ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ-ਕਲਪ ਵਾਲੇ ਰਾਹ ‘ਤੇ ਤੁਰਨ ਦੀ ਸਲਾਹ ਦਿੰਦਿਆਂ ਕੌਮ ਦੇ ਸੁਨਹਿਰੇ ਭਵਿੱਖ ਨੂੰ ਸੰਭਾਲਣ ਦਾ ਸਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀਆਂ ਸਥਾਪਤੀਆਂ ਦੀ ਵਿਉਂਤਬੰਦੀ ਬੜੀ ਜ਼ਹੀਨ ਹੁੰਦੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਕਿਸੇ ਵੀ ਅਜਿਹੇ ਬਹਿਕਾਵੇ ਵਿਚ ਆਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰਾਂ ਨੂੰ ਸਿੱਖ ਨੌਜਵਾਨੀ ਦਾ ਦਮਨ ਕਰਨ ਦਾ ਮੌਕਾ ਮਿਲਦਾ ਹੋਵੇ।ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨੂੰ ਧਾਰਮਿਕ ਤੇ ਰਾਜਨੀਤਕ ਤੌਰ ‘ਤੇ ਕਮਜ਼ੋਰ ਕਰਨ ਦੀ ਨੀਤੀ ਸਿੱਖਾਂ ਅੰਦਰ ਖਲਾਅ ਤੇ ਬੇਚੈਨੀ ਪੈਦਾ ਕਰਦੀ ਹੈ ਅਤੇ ਇਹ ਅਮਲ ਨਾ ਤਾਂ ਸਰਕਾਰਾਂ ਦੇ ਅਤੇ ਨਾ ਹੀ ਪੰਜਾਬ ਦੇ ਹਿੱਤ ਵਿਚ ਹੈ। ਇਸ ਬਾਰੇ ਸਾਨੂੰ ਸਭ ਨੂੰ ਸੋਚਣ ਦੀ ਲੋੜ ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਵਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਅੰਦਰ ਇਸ ਦੇਸ਼ ਵਿਚ ਅਲਹਿਦਗੀ ਦਾ ਅਹਿਸਾਸ ਭਰਨ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਸਿਆਸੀ ਵਿਤਕਰਿਆਂ ਨੇ ਵੱਡੀ ਭੂਮਿਕਾ ਨਿਭਾਈ ਹੈ ਪਰ ਅੱਜ ਸਮਾਂ ਮੰਗ ਕਰ ਰਿਹਾ ਹੈ ਕਿ ਅਤੀਤ ਦੀਆਂ ਗਲਤੀਆਂ ਤੋਂ ਸਬਕ ਸਿੱਖ ਕੇ ਸਰਕਾਰਾਂ ਦੁਆਰਾ ਸਿੱਖਾਂ ਦੇ ਚਿਰੋਕਣੇ ਧਾਰਮਿਕ, ਰਾਜਨੀਤਕ ਅਤੇ ਆਰਥਿਕ ਮਸਲਿਆਂ ਦਾ ਸਰਲੀਕਰਨ ਕਰਕੇ ਸਿੱਖਾਂ ਅੰਦਰ ਬੇਗਾਨਗੀ ਦੇ ਅਹਿਸਾਸ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸਤ ਤੇ ਸੱਤਾ ਦੇ ਹਿੱਤਾਂ ਨੂੰ ਪੂਰਨ ਲਈ ਅੱਜ ਦੀਆਂ ਸਰਕਾਰਾਂ ਨੂੰ ਘੱਟ-ਗਿਣਤੀਆਂ ਦੇ ਨੌਜਵਾਨਾਂ ਵਿਚ ਦਹਿਸ਼ਤ, ਡਰ ਅਤੇ ਬੇਗਾਨਗੀ ਦਾ ਅਹਿਸਾਸ ਭਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਨਿਆਂਕਾਰੀ ਰਾਜ ਧਰਮ ਨੂੰ ਨਿਭਾਉਣਾ ਚਾਹੀਦਾ ਹੈ।