ਜਾਅਲੀ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰ ਤੇ ਏਜੰਟਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਫਰਜ਼ੀ ਦਸਤਾਵੇਜ਼ਾਂ (fake documents) ‘ਤੇ ਸਿਮ ਕਾਰਡ (SIM cards) ਜਾਰੀ ਕਰਨ ਵਾਲੇ ਡਿਸਟ੍ਰੀਬਿਊਟਰ ਜਾਂ ਏਜੰਟਾਂ ‘ਤੇ ਸ਼ਿਕੰਜਾ ਕੱਸਿਆ ਹੈ। ਪੰਜਾਬ ਪੁਲਿਸ ਨੇ ਕਥਿਤ ਤੌਰ ‘ਤੇ ਜਾਅਲੀ ਪਛਾਣ ਅਤੇ ਹੋਰ ਦਸਤਾਵੇਜ਼ਾਂ ਦੇ ਆਧਾਰ ‘ਤੇ ਜਾਰੀ ਕੀਤੇ ਗਏ 1.8 ਲੱਖ ਤੋਂ ਵੱਧ ਸਿਮ ਕਾਰਡਾਂ ਨੂੰ ਬਲਾਕ ਕਰ ਦਿੱਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਦਿੱਤੀ।ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਨੇ ਟੈਲੀਕਾਮ ਵਿਭਾਗ (ਡੀਓਟੀ) ਦੇ ਸਹਿਯੋਗ ਨਾਲ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰ ਅਤੇ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਆਈਪੀਸੀ ਦੀ ਧਾਰਾ 420, 465, 467 ਅਤੇ 471 ਤਹਿਤ 52 ਕੇਸ ਦਰਜ ਕੀਤੇ ਗਏ ਹਨ।ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਕਾਰਵਾਈ ਟੈਲੀਕਾਮ ਵਿਭਾਗ ਅਤੇ ਦੂਰਸੰਚਾਰ ਸੇਵਾ ਪ੍ਰਦਾਤਾਵਾਂ ਨਾਲ ਕਈ ਮੀਟਿੰਗਾਂ ਤੋਂ ਬਾਅਦ ਸ਼ੁਰੂ ਕੀਤੀ ਹੈ। ਇਸ ਦੇ ਲਈ ਆਈਜੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਨੂੰ ਨੋਡਲ ਅਫਸਰ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਫਰਜ਼ੀ ਦਸਤਾਵੇਜ਼ਾਂ ਰਾਹੀਂ ਜਾਰੀ ਕੀਤੇ ਸਿਮ ਕਾਰਡਾਂ ਦੀ ਸ਼ਨਾਖਤ ਕਰਨ ਦੀ ਮੁਹਿੰਮ ਫਿਲਹਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਇੱਕੋ ਫੋਟੋ ਵਾਲੇ ਵੱਖ-ਵੱਖ ਨਾਵਾਂ ਨਾਲ ਕਰੀਬ 500 ਸਿਮ ਕਾਰਡ ਜਾਰੀ ਕੀਤੇ ਗਏ ਹਨ।